ਪੱਤਰ ਪ੍ਰੇਰਕ
ਜ਼ੀਰਾ, 7 ਸਤੰਬਰ
ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਮਾਲਬਰੋਜ਼ ਸ਼ਰਾਬ ਦੇ ਮੁੱਖ ਗੇਟ ਮੂਹਰੇ 45 ਦਿਨਾਂ ਤੋਂ ਫੈਕਟਰੀ ਨੂੰ ਬੰਦ ਕਰਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਸਾਂਝੇ ਮੋਰਚੇ ਦੇ ਬੈਨਰ ਹੇਠ ਚਲਾਏ ਜਾ ਰਹੇ ਧਰਨੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਤੇ ਹੋਰ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ। ਅੱਜ ਧਰਨੇ ਮੌਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਜੋ ਸ਼ਰਾਬ ਫੈਕਟਰੀ ਅਤੇ ਨਾਲ ਲਗਦੇ ਪਿੰਡਾਂ ਚੋਂ ਪਾਣੀ ਦੇ ਸੈਂਪਲ ਲਏ ਗਏ ਸਨ, ਸਰਕਾਰ ਉਨ੍ਹਾਂ ਦੀ ਰਿਪੋਰਟ ਜਲਦ ਜਨਤਕ ਕਰੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸ਼ਰਾਬ ਫੈਕਟਰੀ ਬੰਦ ਨਹੀਂ ਹੁੰਦੀ, ਉਨਾ ਚਿਰ ਭਾਰਤੀ ਕਿਸਾਨ ਯੂਨੀਅਨ ਖੋਸਾ ਦਿਨ ਰਾਤ ਮੋਰਚੇ ਤੇ ਡਟੀ ਰਹੇਗੀ । ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਜੇਕਰ ਪ੍ਰਸਾਸ਼ਨ ਜਲਦ ਆਪਣੀ ਨੀਂਦ ਤੋਂ ਨਾ ਜਾਗਿਆ ਤਾਂ ਪੰਜਾਬ ਵਿੱਚ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ