ਪੱਤਰ ਪ੍ਰੇਰਕ
ਮਾਨਸਾ, 11 ਅਗਸਤ
ਮਜ਼ਦੂਰਾਂ ਦੇ ਮੰਗਾਂ-ਮਸਲਿਆਂ ਨੂੰ ਲੈ ਕੇ ਅੱਜ ਸੱਤਵੇਂ ਦਿਨ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਚੱਲ ਰਹੇ ਪੱਕੇ ਮੋਰਚੇ ਦੌਰਾਨ ਭਗਵੰਤ ਮਾਨ ਦੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਮੁਰਦਾਬਾਦ ਜਾਰੀ ਰਹੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਮਜ਼ਦੂਰਾਂ ਅਤੇ ਪੇਂਡੂ ਗਰੀਬਾਂ ਦੀਆਂ ਅਹਿਮ ਮੰਗਾਂ ਨੂੰ ਲੈਕੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਾ ਕੋਈ ਗੱਲਬਾਤ ਕੀਤੀ ਗਈ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਕਾਰਵਾਈ ਆਰੰਭੀ ਗਈ ਹੈ।
ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਕਾਮਰੇਡ ਜਰਨੈਲ ਸਿੰਘ ਨੇ ਕਿਹਾ ਕਿ ਮੰਗਾਂ ਵਿੱਚ ਪਿਛਲੇ ਸਾਲ ਮਾਰੇ ਗਏ ਨਰਮੇ ਦਾ ਮੁਆਵਜ਼ਾ ਪਾਸ ਹੋਇਆ ਮਜ਼ਦੂਰਾਂ ਦੇ ਖਾਤੇ ਵਿੱਚ ਪਵਾਉਣ, ਕੱਟੇ ਗਏ ਕਣਕ ਦੇ ਕਾਰਡ ਅਤੇ ਰੁਕੀ ਹੋਈ ਕਣਕ ਅਤੇ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮੰਗਾਂ ਦੀ ਪੂਰਤੀ ਤੱਕ ਮੋਰਚਾ ਜਾਰੀ ਰਹੇਗਾ।