ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਕਿਸਾਨਾਂ ’ਚ ਘਬਰਾਹਟ
ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਕਿਸਾਨਾਂ ’ਚ ਘਬਰਾਹਟ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਮੀਂਹ ਪੈ ਗਿਆ ਤਾਂ ਪੱਕੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਹੋ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਭਾਵੇਂ ਅਲਰਟ ਕਰ ਦਿੱਤਾ ਗਿਆ ਹੈ। ਭਾਰੀ ਮੀਂਹਾਂ ਦੀ ਇਹ ਚਿਤਾਵਨੀ 5, 6 ਅਤੇ 7 ਅਕਤੂਬਰ ਲਈ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਮੀਂਹ ਦੀ ਚਿਤਾਵਨੀ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੇ ਬਚਾਅ ਲਈ ਆੜ੍ਹਤੀਆਂ ਨੂੰ ਤਰਪਾਲਾਂ ਦੀ ਅਗੇਤੇ ਪ੍ਰਬੰਧ ਕਰਨ ਲਈ ਕਿਹਾ ਹੈ ਪਰ ਕਿਸਾਨਾਂ ਖੇਤਾਂ ਵਿੱਚ ਖੜ੍ਹੀ ਪੱਕੀ ਫ਼ਸਲ ਨੂੰ ਵੇਖ ਕੇ ਡਰ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਸ ਮਾੜੇ ਮੌਸਮ ਨੇ ਇਕੱਲੇ ਨਰਮੇ ਦੇ ਉਤਪਾਦਕਾਂ ਨੂੰ ਹੀ ਨਹੀਂ ਡਰਾਇਆ, ਸਗੋਂ ਇਸ ਨੇ ਝੋਨਾ ਉਤਪਾਦਕਾਂ ਲਈ ਵੀ ਫ਼ਿਕਰਾਂ ਵਿੱਚ ਪਾ ਦਿੱਤਾ ਹੈ। ਖੇਤੀਬਾੜੀ ਵਿਭਾਗ ਅਤੇ ਖੇਤੀ ਯੂਨੀਵਰਸਿਟੀ ਨੇ ਮੰਨਿਆ ਕਿ ਇਹ ਮੀਂਹ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ ਐਸ ਰੋਮਾਣਾ ਨੇ ਦੱਸਿਆ ਕਿ ਇਹ ਵੇਲਾ ਹੁਣ ਤੇਜ਼ ਧੁੱਪਾਂ ਤੇ ਅਸਮਾਨ ’ਤੇ ਸਾਫ਼ ਮੌਸਮ ਦਾ ਹੈ, ਪਰ ਮੀਂਹ, ਬੱਦਲਬਾਈ ਤੇ ਸਿੱਲ੍ਹ ਨੇ ਜਿਣਸ ਦੀ ਕੁਆਲਟੀ ਨੂੰ ਵੀ ਖ਼ਰਾਬ ਕਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਨਰਮਾ ਪੱਕਣ ਵਾਲੇ ਪਾਸੇ ਵੱਧ ਰਿਹਾ ਹੈ ਅਤੇ ਇਹ ਬੱਦਲਬਾਈ ਵਾਲਾ ਮੌਸਮ ਅਨੇਕਾਂ ਬਿਮਾਰੀਆਂ ਲਾ ਦੇੇਵੇਗਾ। ਇਸੇ ਦੌਰਾਨ ਬਠਿੰਡਾ ਵਿੱਚ ਮੌਸਮ ਵਿਗਿਆਨੀ ਬਲਜਿੰਦਰ ਸਿੰਘ ਬੱਲੋ ਨੇ ਕਿਹਾ ਕਿ 5 ਤੇ 6 ਅਕਤੂਬਰ ਨੂੰ ਦਰਮਿਆਨੇ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਖਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਪਾਣੀ ਭਰਨ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨ ਆਪਣੀ ਪੱਕੀ ਫਸਲ ਨੂੰ ਸੁਰੱਖਿਅਤ ਥਾਵਾਂ ’ਤੇ ਰੱਖਣ ਅਤੇ ਖੇਤਾਂ ਵਿੱਚ ਖੜ੍ਹੀ ਫਸਲ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ।