ਚੰਦਰ ਪ੍ਰਕਾਸ਼ ਕਾਲੜਾ
ਜਲਾਲਾਬਾਦ, 5 ਮਈ
ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ ਮੁਤਾਬਕ ਪੰਜਾਬ ’ਚ ਪੁਲੀਸ ਵਿਭਾਗ ਤੇ ਵਿਜੀਲੈਂਸ ਦੀ ਧੱਕੇਸ਼ਾਹੀ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਨਗੋਆਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਦਫ਼ਤਰਾਂ ਦਾ ਕੰਮ ਮੁਕੰਮਲ ਤੌਰ ’ਤੇ ਠੱਪ ਕੀਤਾ। ਇਸ ਤੋਂ ਬਾਅਦ ਪਟਵਾਰ ਯੂਨੀਅਨ ਵੱਲੋਂ ਐੱਸਡੀਐੱਮ ਜਲਾਲਾਬਾਦ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਫੈਸਲੇ ਅਨੁਸਾਰ 6-7 ਮਈ 2021 ਦੇ ਤਹਿਸੀਲ ਪੱਧਰੀ ਰੋਸ ਧਰਨੇ ਦੀ ਬਜਾਏ ਸਮੂਹ ਪਟਵਾਰੀ ਰੋਸ ਵਜੋਂ ਸਮੂਹਿਕ ਛੁੱਟੀ ’ਤੇ ਰਹਿਣਗੇ।
ਇਸ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ ਅਤੇ ਕਾਨੂੰਨਗੋ ਐਸੀਸੋਏਸ਼ਨ ਨੇ ਮੰਗ ਕੀਤੀ ਕਿ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਜੋ ਆਪਣੀਆਂ ਮੰਗਾਂ ਲਈ ਪਿਛਲੇ ਕਾਫੀ ਦਿਨਾਂ ਤੋਂ ਸੰਘਰਸ਼ ਕਰ ਰਹੀ ਹੈ, ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਦਿ ਰੈਵੇਨਿਊ ਪਟਵਾਰ ਯੂਨੀਅਨ ਵੀ ਮਾਲ ਅਫਸਰ ਐਸੋਸੀਏਸ਼ਨ ਦੇ ਸੰਘਰਸ਼ ’ਚ ਸ਼ਾਮਲ ਹੋਣ ਲਈ ਮਜਬੂਰ ਹੋਵੇਗੀ। ਇਸ ਦੌਰਾਨ ਯੂਨੀਅਨ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਟਵਾਰ ਵਰਗ ਦੀਆਂ ਮੰਗਾਂ ਨੂੰ ਛੇਤੀ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਆਉਣ ਵਾਲੇ ਸਮੇਂ ’ਚ ਹੋਰ ਤਿੱਖਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨਾਲ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।