ਖੇਤਰੀ ਪ੍ਰਤੀਨਿਧ
ਬਰਨਾਲਾ, 18 ਨਵੰਬਰ
ਸਥਾਨਕ ਰੇਲਵੇ ਸਟੇਸ਼ਨ ’ਤੇ ਕੇਂਦਰੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਲੱਗਾ ਸਾਂਝਾ ਕਿਸਾਨ ਧਰਨਾ 414ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਲੰਘੇ ਇੱਕ ਹਫ਼ਤੇ ਦੌਰਾਨ ਸੁਪਰੀਮ ਕੋਰਟ ਵੱਲੋਂ ਤੀਸਰੀ ਵਾਰ ਪਰਾਲੀ ਸਾੜਨ ਦੇ ਮਸਲੇ ’ਤੇ ਕਿਸਾਨਾਂ ਦੇ ਪੱਖ ਵਿੱਚ ਕੀਤੀ ਟਿੱਪਣੀ ਬਾਰੇ ਚਰਚਾ ਕੀਤੀ। ਕਿਹਾ ਕਿ ਪ੍ਰਦੂਸ਼ਣ ਦੇ ਅਸਲੀ ਕਾਰਨ ਹੋਰ ਹਨ ਪਰ ਸਰਕਾਰਾਂ, ਪਰਾਲੀ ਦਾ ਬਹਾਨਾ ਬਣਾ ਕੇ, ਕਿਸਾਨਾਂ ਨੂੰ ਬਦਨਾਮ ਕਰਨ ’ਤੇ ਲੱਗੀਆਂ ਹੋਈਆਂ ਹਨ। ਸਰਕਾਰਾਂ ਨੂੰ ਪ੍ਰਦੂਸ਼ਣ ਦੇ ਅਸਲੀ ਕਾਰਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪਰਾਲੀ ਦੇ ਨਬਿੇੜੇ ਲਈ ਕਿਸਾਨਾਂ ਦੀ ਢੁੱਕਵੀਂ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 200 ਪ੍ਰਤੀ ਕੁਇੰਟਲ ਦਾ ਭੁਗਤਾਨ ਕਰੇ ਤਾਂ ਕਿਸਾਨ ਪਰਾਲੀ ਦੀ ਸੰਭਾਲ ਦੇ ਬਦਲਵੇਂ ਤਰੀਕੇ ਅਪਣਾ ਸਕਦੇ ਹਨ ਅਤੇ ਪਰਾਲੀ ਦਾ ਮਸਲਾ ਹੱਲ ਹੋ ਸਕਦਾ ਹੈ।
ਅੱਜ ਬੁਲਾਰਿਆਂ ਨੇ ਚੜੂਨੀ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਵੱਲੋਂ ਚੋਣਾਂ ਲੜਨ ਦੀ ਵਕਾਲਤ ਕਰਨ ਦੀ ਸਖ਼ਤ ਨਿਖੇਧੀ ਕੀਤੀ।
ਮਹਿਲ ਕਲਾਂ ਟੌਲ ਪਲਾਜ਼ਾ ’ਤੇ ਧਰਨਾ ਜਾਰੀ
ਮਹਿਲ ਕਲਾਂ(ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਵਿੱਚ ਚੱਲ ਰਹੇ ਪੱਕੇ ਧਰਨੇ ਵਿੱਚ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਸਾਨ ਆਗੂ ਜਗਰਾਜ ਹਰਦਾਸਪੁਰਾ, ਮਲਕੀਤ ਮਹਿਲ ਕਲਾਂ, ਗੁਰਚਰਨ ਸਿੰਘ ਭੋਤਨਾ, ਸੋਹਣ ਸਿੰਘ ਆਦਿ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਬਰਨਾਲਾ ਲੁਧਿਆਣਾ ਮੁੱਖ ਮਾਰਗ ’ਤੇ ਭੱਦਲਵੱਡ ਨੇੜੇ ਰਿਲਾਇੰਸ ਪੈਟਰੋਲ ਪੰਪ ਅੱਗੇ ਚੱਲ ਰਹੇ ਪੱਕੇ ਧਰਨੇ ਨੂੰ ਕਿਸਾਨ ਆਗੂ ਕੁਲਜੀਤ ਸਿੰਘ ਵਜ਼ੀਦਕੇ, ਕੁਲਦੀਪ ਸਿੰਘ ਚੁਹਾਣਕੇ ਅਤੇ ਬੁੱਕਣ ਸਿੰਘ ਸੱਦੋਵਾਲ ਨੇ ਸੰਬੋਧਨ ਕੀਤਾ।