ਪਰਸ਼ੋਤਮ ਬੱਲੀ
ਬਰਨਾਲਾ, 22 ਮਾਰਚ
ਸੰਯੁੁਕਤ ਕਿਸਾਨ ਮੋਰਚੇ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ ’ਤੇ ਖੇਤੀ ਕਾਨੂੰਨਾਂ ਵਿਰੁੱਧ ਲਾਇਆ ਧਰਨਾ ਅੱਜ ਆਪਣੇ 173ਵੇਂ ਦਿਨ ਵੀ ਜਾਰੀ ਰਿਹਾ| ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇਨਾਇਤ ਅਲੀ ਦੇ ਨਿਰਦੇਸ਼ਨ ਹੇਠ ਲੜਾਂਗੇ ਸਾਥੀ ਥੀਏਟਰ ਗਰੁੱਪ ਨੇ ‘ਸਾਡੇ ਹੱਕ ਇੱਥੇ ਰੱਖ’ ਪੇਸ਼ ਕੀਤਾ| ਅੱਜ ‘ਸਾਮਰਾਜ ਵਿਰੋਧੀ ਦਿਵਸ’ ਮਨਾਉਂਦਿਆਂ ਸ਼ਹੀਦਾਂ ਦੇ ਸੁੁਪਨੇ ਲੁੱਟ-ਦਾਬੇ ਤੋਂ ਰਹਿਤ ਸਮਾਜ ਸਿਰਜਣ ਦੇ ਅਧੂਰੇ ਕਾਰਜ ‘ਤੇ ਪਹਿਰਾ ਦੇਣ ਦਾ ਅਹਿਦ ਕੀਤਾ ਗਿਆ| ਇਸੇ ਤਰ੍ਹਾਂ ਰਿਲਾਇੰਸ ਮਾਲ ਬਾਜਾਖਾਨਾ ਰੋਡ ਬਰਨਾਲਾ ’ਤੇ 170 ਦਿਨਾਂ ਤੋਂ ਚੱਲ ਰਿਹਾ ਧਰਨਾ ਵੀ ਜਾਰੀ ਰਿਹਾ।
ਬੁਢਲਾਡਾ (ਪੱਤਰ ਪ੍ਰੇਰਕ): ਇੱਥੇ 32 ਕਿਸਾਨ ਜਥੇਬੰਦੀਆਂ ਵਾਲੇ ਕਿਸਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ 23 ਮਾਰਚ ਦਾ ਦਿਹਾੜਾ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ਵਾਲੇ ਪੱਕੇ ਮੋਰਚੇ ’ਤੇ ਹੀ ਮਨਾਇਆ ਜਾਵੇਗਾ। ਅੱਜ 172ਵੇਂ ਦਿਨ ਵਿੱਚ ਸ਼ਾਮਲ ਹੋਏ ਇਸ ਧਰਨੇ ਨੂੰ ਡਕੌਂਦਾ ਦੇ ਪ੍ਰਧਾਨ ਸਤਪਾਲ ਸਿੰਘ ਬਰ੍ਹੇ, ਨੌਜਵਾਨ ਕਿਸਾਨ ਆਗੂ ਸਵਰਨਜੀਤ ਸਿੰਘ ਦਲਿਓ, ਕ੍ਰਾਂਤੀਕਾਰੀ ਮਜ਼ਦੂਰ ਯੁਨੀਅਨ ਦੇ ਸੂਬਾ ਪ੍ਰਧਾਨ ਬਬਲੀ ਅਟਵਾਲ ਨੇ ਸੰਬੋਧਨ ਕੀਤਾ।
ਮਹਿਲ ਕਲਾਂ (ਨਵਕਿਰਨ ਸਿੰਘ): ਸੰਯੁਕਤ ਕਿਸਾਨ ਮੋਰਚੇ ਵੱਲੋਂ ਟੌਲ ਪਲਾਜ਼ਾ ਮਹਿਲ ਕਲਾਂ ‘ਤੇ ਖੇਤੀ ਕਾਨੂੰਨਾਂ ਵਿਰੁੱਧ ਲਾਇਆ ਧਰਨਾ ਅੱਜ 173ਵੇਂ ਦਿਨ ਵੀ ਜਾਰੀ ਰਿਹਾ ਅਤੇ ਅੱਜ ਮੋਰਚੇ ’ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਧਰਨੇ ਤੋਂ ਨੌਜਵਾਨਾਂ ਦਾ ਇੱਕ ਵੱਡਾ ਕਾਫ਼ਲਾ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਹਿੱਸਾ ਲੈਣ ਲਈ ਦਿੱਲੀ ਲਈ ਰਵਾਨਾ ਹੋਇਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਮਾਲਵਾ ਖੇਤਰ ਵਿੱਚ ਸੰਘਰਸ਼ੀ ਕਿਸਾਨ ਜਥੇਬੰਦੀਆਂ ਇਸ ਵਾਰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀਆਂ ਹਨ। ਪਿੰਡਾਂ ’ਚੋਂ ਨੌਜਵਾਨਾਂ ਦੇ ਕਾਫ਼ਲੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹਕੇ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ। ਉੱਧਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਾਏ ਧਰਨੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਐਡਵੋਕੇਟ ਬਲਵੀਰ ਕੌਰ ਸਿੱਧੂ ਨੇ ਕਿਹਾ ਕਿ ਸਰਕਾਰਾਂ ਵੱਲੋਂ ਜੋ ਕਰੋਨਾ ਦੇ ਨਾਂ ’ਤੇ ਲੋਕਾਂ ਨੂੰ ਭਾਰੀ ਜੁਰਮਾਨੇ ਕਰ ਕੇ ਜਬਰਦਸਤੀ ਟੈਸਟ ਕੀਤੇ ਜਾ ਰਹੇ ਹਨ, ਉਸ ਦਾ ਵਿਰੋਧ ਕਰਨ ਲਈ ਰੇਲਵੇ ਸਟੇਸ਼ਨ ਤੋਂ ਠੀਕਰੀ ਵਾਲਾ ਚੌਕ ਤੱਕ ਪੁਲੀਸ ਖਿਲਾਫ਼ ਰੈਲੀ ਕੀਤੀ ਜਾਵੇਗੀ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਨੂੰਨਾਂ ਖ਼ਿਲਾਫ਼ 173 ਦਿਨਾਂ ਤੋਂ ਚੱਲ ਰਹੇ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਸ ਮਾਲ ਮੋਰਚੇ ਅੱਜ ਵੀ ਜਾਰੀ ਰਹੇ। ਇਸ ਮੌਕੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਗੁਰਜੰਟ ਸਿੰਘ, ਬਲਤੇਜ ਸਿੰਘ, ਅਜਮੇਰ ਸਿੰਘ ਅਤੇ ਗੁਰਮੇਲ ਨਥਾਣਾ ਨੇ ਕਿਹਾ ਕਿ 23 ਮਾਰਚ ਨੂੰ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਮਨਾਏ ਜਾਣ ਵਾਲੇ ਸ਼ਹੀਦੀ ਦਿਹਾੜੇ ਵਿੱਚ ਸ਼ਾਮਲ ਹੋਣ ਲਈ ਅੱਜ ਇਲਾਕੇ ਦੇ ਪਿੰਡਾਂ ਵਿੱਚੋਂ ਸੈਂਕੜੇ ਨੌਜਵਾਨ ਲੜਕੇ ਅਤੇ ਲੜਕੀਆਂ ਰਵਾਨਾ ਹੋਈਆਂ ਹਨ।