ਪੈਨਸ਼ਨਰਾਂ ਨੇ ਸਰਕਾਰੀ ਪੱਤਰਾਂ ਦੀਆਂ ਕਾਪੀਆਂ ਫੂਕੀਆਂ
ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ) ਵੱਲੋਂ ਐੱਸ ਡੀ ਐੱਮ ਦਫ਼ਤਰ ਕੋਟਕਪੂਰਾ ਸਾਹਮਣੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਸਮੇਂ ਕੀਤੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਕੁਲਵੰਤ...
ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ) ਵੱਲੋਂ ਐੱਸ ਡੀ ਐੱਮ ਦਫ਼ਤਰ ਕੋਟਕਪੂਰਾ ਸਾਹਮਣੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਸਮੇਂ ਕੀਤੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਸੋਮ ਨਾਥ ਅਰੋੜਾ ਅਤੇ ਇਕਬਾਲ ਸਿੰਘ ਮੰਘੇੜਾ ਨੇ ਦੱਸਿਆ ਕਿ ਯੂਨੀਅਨ ਨੇ ਪਹਿਲਾਂ ਕੀਤੇ ਫ਼ੈਸਲੇ ਅਨੁਸਾਰ ਵਿੱਤ ਵਿਭਾਗ ਪੰਜਾਬ ਵੱਲੋਂ 28 ਨਵੰਬਰ ਨੂੰ ਜਾਰੀ ਪੈਨਸ਼ਨਰ ਵਿਰੋਧੀ ਪੱਤਰ, ਕੇਂਦਰ ਸਰਕਾਰ ਵੱਲੋਂ ਤਜਵੀਜ਼ ਬਿਜਲੀ ਸੋਧ ਐਕਟ 2025 ਅਤੇ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਪੱਖੀ 29 ਕੇਂਦਰੀ ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ ਪਾਸ ਕੀਤੇ ਗਏ ਨਵੇਂ ਚਾਰ ਲੇਬਰ ਕੋਡਜ਼ ਸਬੰਧੀ ਪੱਤਰਾਂ ਕਾਪੀਆਂ ਸਾੜੀਆਂ ਗਈਆਂ ਹਨ। ਬੁਲਾਰਿਆਂ ਨੇ ਕੇਂਦਰ ਸਰਕਾਰ ਤੇ ਪੰਜਾਬ ਵਿੱਚ ਹੁਕਮਰਾਨ ਭਗਵੰਤ ਮਾਨ ਸਰਕਾਰ ’ਤੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਇਲਜ਼ਾਮ ਲਾਇਆ। ਪੈਨਸ਼ਨਰ ਆਗੂ ਕੁਲਜੀਤ ਸਿੰਘ ਬੰਬੀਹਾ, ਤਰਸੇਮ ਨਰੂਲਾ ਅਤੇ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ ਨੇ ਕਿਹਾ ਕਿ ਲਗਾਤਾਰ ਤਿੱਖੇ ਸੰਘਰਸ਼ ਹੀ ਲੋਕ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਕਰਵਾ ਸਕਦੇ ਹਨ।
ਇਸ ਮੌਕੇ ਜਗਵੰਤ ਸਿੰਘ ਬਰਾੜ, ਜਸਮੇਲ ਸਿੰਘ ਬਰਾੜ, ਹਰਦੇਵ ਸਿੰਘ ਗਿੱਲ, ਪਰਮਿੰਦਰ ਸਿੰਘ ਜਟਾਣਾ, ਹਾਕਮ ਸਿੰਘ ਬੁਰਜ ਹਰੀਕਾ ਅਤੇ ਹਰਦੀਪ ਸਿੰਘ ਫਿਡੂ ਭਲਵਾਨ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

