ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 29 ਜੁਲਾਈ
ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਜੁਆਇੰਟ ਪੈਨਸ਼ਨਰ ਫਰੰਟ ਨੇ ਇੱਥੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਇੰਦਰਜੀਤ ਸਿੰਘ ਖੀਵਾ, ਜਗਤਾਰ ਸਿੰਘ ਗਿੱਲ, ਸਿਮਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਭੁਲਾ ਦਿੱਤੇ ਹਨ ਅਤੇ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਲਗਾਤਾਰ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਕਰਨ ਦੇ ਰਾਹ ‘ਤੇ ਹੈ ਜਿਸ ਨੂੰ ਪੰਜਾਬ ਦੇ ਪੈਨਸ਼ਨਰ ਅਤੇ ਮੁਲਾਜ਼ਮ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ। ਆਗੂ ਹਰਪਾਲ ਸਿੰਘ ਮਚਾਕੀ, ਰਮੇਸ਼ ਕੌਸ਼ਲ, ਜਗਦੀਸ਼ ਰਾਏ ਨੇ ਕਿਹਾ ਕਿ 7 ਅਗਸਤ ਨੂੰ ਜਲੰਧਰ ਵਿੱਚ ਹੋਣ ਵਾਲੀ ਸੂਬਾਈ ਕਨਵੈਨਸ਼ਨ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ |ਤੇ ਫਰੰਟ ਦੀ ਬਠਿੰਡਾ ਇਕਾਈ ਵੱਲੋਂ ਡੀਸੀ ਦਫਤਰ ਅੱਗੇ ਮੁਜ਼ਾਹਰਾ ਕਰਨ ਬਾਆਦ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਫ਼ਰੰਟ ਦੇ ਆਗੂਆਂ ਨੇ ਮੰਗ ਕੀਤੀ ਕਿ 2.59 ਦੇ ਗੁਣਾਂਕ ਨਾਲ ਪੈਨਸ਼ਨ ਦੀ ਸੋਧ ਕੀਤੀ ਜਾਵੇ।
ਬਰਨਾਲਾ (ਖੇਤਰੀ ਪ੍ਰਤੀਨਿਧ): ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਸਟੇਟ ਕਨਵੀਨਰ ਤੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੇ ਐੱਸ.ਡੀ.ਐੱਮ. ਬਰਨਾਲਾ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਤੇ ਡੀ.ਸੀ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਭੇਜਿਆ।