ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਵਿੱਚ ਖਾਮੀਆਂ ਕਾਰਨ ਲੋਕ ਦੁਖੀ
ਹਰਿਆਣਾ ਸਰਕਾਰ ਵੱਲੋਂ ਪਹਿਲੀ ਨਵੰਬਰ ਤੋਂ ਸੂਬੇ ਦੇ ਤਹਿਸੀਲ ਦਫ਼ਤਰਾਂ ਵਿੱਚ ਸ਼ੁਰੂ ਕੀਤੀ ਗਈ ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਵਿੱਚ ਵੱਡੀਆਂ ਖਾਮੀਆਂ ਹੋਣ ਕਾਰਨ ਏਲਨਾਬਾਦ ਤਹਿਸੀਲ ਦਫ਼ਤਰ ਵਿੱਚ ਪਿਛਲੇ 11 ਦਿਨਾਂ ਤੋਂ ਕੋਈ ਵੀ ਰਜਿਸਟਰੀ ਨਹੀਂ ਹੋਈ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਸਰਕਾਰ ਦਾ ਤਰਕ ਹੈ ਕਿ ਸੂਬੇ ਦੇ ਤਹਿਸੀਲ ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਰਾਹੀਂ ਰੋਕਿਆ ਜਾ ਸਕਦਾ ਹੈ। ਰਜਿਸਟਰੀਆਂ ਨਾ ਹੋਣ ਕਾਰਨ ਈ-ਦਿਸ਼ਾ ਕੇਂਦਰ ਵੀ ਹੁਣ ਪੂਰੀ ਤਰ੍ਹਾਂ ਖਾਲੀ ਨਜ਼ਰ ਆ ਰਹੇ ਹਨ। ਲੋਕਾਂ ਨੇ ਦੱਸਿਆ ਕਿ ਉਹ ਆਪਣੀਆਂ ਰਜਿਸਟਰੀਆਂ ਕਰਵਾਉਣ ਲਈ ਪਿਛਲੇ 10 ਦਿਨਾਂ ਤੋਂ ਚੱਕਰ ਕੱਟ ਰਹੇ ਹਨ ਪਰ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਵਿੱਚ ਬਦਲਾਅ ਕਾਰਨ ਉਨ੍ਹਾਂ ਦੀਆਂ ਰਜਿਸਟਰੀਆਂ ਨਹੀਂ ਹੋ ਰਹੀ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੇ ਗਏ ਐਗਰੀਮੈਂਟਾਂ ਦੀਆਂ ਤਰੀਕਾਂ ਆ ਚੁੱਕੀਆਂ ਹਨ ਪਰ ਰਜਿਸਟਰੀਆਂ ਨਾ ਹੋਣ ਕਾਰਨ ਉਹ ਪੈਸੇ ਦਾ ਲੈਣ-ਦੇਣ ਨਹੀਂ ਕਰ ਸਕਦੇ ਜਿਸ ਉਨ੍ਹਾਂ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ। ਲੋਕਾਂ ਨੇ ਇਸ ਸਮੱਸਿਆ ਦੇ ਤੁਰੰਤ ਹੱਲ ਦੀ ਮੰਗ ਕੀਤੀ ਹੈ। ਵਸੀਕਾ ਨਵੀਸ ਭੋਜਾ ਰਾਮ ਮਹਿਤਾ ਨੇ ਕਿਹਾ ਕਿ ਸਰਕਾਰ ਨੇ 1 ਨਵੰਬਰ ਨੂੰ ਸੂਬੇ ਵਿੱਚ ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਪਰ ਪ੍ਰਕਿਰਿਆ ਲਈ ਵਿਕਸਤ ਕੀਤੇ ਗਏ ਸਾਫਟਵੇਅਰ ਵਿੱਚ ਹੁਣ ਤੱਕ ਲਗਪਗ 26 ਖਾਮੀਆਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਠੀਕ ਕਰਨ ਲਈ ਹਰਿਆਣਾ ਵਸੀਕਾ ਨਵੀਸ ਐਸੋਸੀਏਸ਼ਨ ਨੇ ਸਰਕਾਰ ਨੂੰ ਲਿਖਿਆ ਹੈ। ਲੋਕ ਵਾਰ-ਵਾਰ ਆਪਣੀਆਂ ਰਜਿਸਟਰੀਆਂ ਕਰਵਾਉਣ ਲਈ ਆ ਰਹੇ ਹਨ ਪਰ ਆਨਲਾਈਨ ਪ੍ਰਕਿਰਿਆ ਸ਼ੁਰੂ ਨਾ ਹੋਣ ਕਾਰਨ ਉਹ ਨਿਰਾਸ਼ ਹੋ ਕੇ ਵਾਪਸ ਜਾ ਰਹੇ ਹਨ।
ਰਜਿਸਟਰੀਆਂ ਛੇਤੀ ਸ਼ੁਰੂ ਹੋਣਗੀਆਂ: ਤਹਿਸੀਲਦਾਰ
ਏਲਨਾਬਾਦ ਦੇ ਤਹਿਸਲੀਦਾਰ ਰਵਿੰਦਰ ਸਿੰਘ ਨੇ ਆਖਿਆ ਕਿ ਜਦੋਂ ਵੀ ਕੋਈ ਨਵੀਂ ਚੀਜ਼ ਆਉਂਦੀ ਹੈ ਤਾਂ ਉਸ ਵਿੱਚ ਕੁਝ ਤਕਨੀਕੀ ਸਮੱਸਿਆਵਾਂ ਆਉਂਦੀਆਂ ਹਨ ਤੇ ਇਹ ਸਮੱਸਿਆ ਪੂਰੇ ਹਰਿਆਣਾ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਨਾ ਹੋਣ ਕਾਰਨ ਲੋਕ ਪਰੇਸ਼ਾਨ ਹਨ ਪਰ ਸਰਕਾਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਉਮੀਦ ਹੈ ਕਿ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਰਜਿਸਟਰੀਆਂ ਸ਼ੁਰੂ ਹੋਣ।
