ਸੀਵਰੇਜ ਦੇ ਪਾਣੀ ਤੋਂ ਅੱਕੇ ਲੋਕਾਂ ਵੱਲੋਂ ਵੀਆਈਪੀ ਰੋਡ ’ਤੇ ਧਰਨਾ
ਮਾਨਸਾ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਤੋਂ ਤੰਗ ਆਏ ਲੋਕਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਜਾਂਦੇ ਵੀਆਈਪੀ ਰੋਡ ’ਤੇ ਧਰਨਾ ਦੇ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਲਾਇਆ ਕਿ ਪੰਜਾਬ ਸਰਕਾਰ ਬਰਸਾਤ ਦੇ ਦਿਨਾਂ ਦੌਰਾਨ ਵੀ ਸੀਵਰੇਜ ਦੇ ਪ੍ਰਬੰਧ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਲੋਕਾਂ ਦਾ ਗੰਦੇ ਪਾਣੀ ਕਾਰਨ ਜਿਉਣਾ ਦੁੱਭਰ ਹੋ ਗਿਆ ਹੈ।
ਧਰਨੇ ਸੰਬੋਧਨ ਕਰਦਿਆਂ ਕੌਂਸਲਰ ਪਵਨ ਕੁਮਾਰ, ਪ੍ਰੇਮ ਸਾਗਰ ਭੋਲਾ, ਸੰਦੀਪ ਕੁਮਾਰ ਸ਼ਰਮਾ, ਅੰਮ੍ਰਿਤਪਾਲ ਗੋਗਾ, ਸਾਬਕਾ ਕੌਂਸਲਰ ਹਰਪਾਲ ਸਿੰਘ ਪਾਲੀ, ਡਾ. ਕ੍ਰਿਸ਼ਨ ਸੇਠੀ, ਸੰਧੂਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਵਾਰਡਾਂ ਦੇ ਲੋਕ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਰਿਸ਼ਤੇਦਾਰਾਂ ਨੂੰ ਬੁਲਾਉਣ ਤੋਂ ਵੀ ਅੱਕ ਚੁੱਕੇ ਹਨ, ਪਰ ਨਗਰ ਕੌਂਸਲ ਤੋਂ ਸੀਵਰੇਜ ਦੀ ਸਮੱਸਿਆ ਦੂਰ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਸੜੇਹਾਣ ਨੇ ਘਰਾਂ ਵਿੱਚ ਰਹਿਣ ਔਖਾ ਕਰ ਰੱਖਿਆ ਹੈ।
ਉਨ੍ਹਾਂ ਨਗਰ ਕੌਂਸਲ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਗਲੀਆਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਈ ਤਾਂ ਆਉਣੇ ਦਿਨਾਂ ਵਿੱਚ ਤਿੱਖਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਗਲੀਆਂ ਵਿੱਚ ਭਰੇ ਗੰਦੇ ਪਾਣੀ ਕਾਰਨ ਬੱਚੇ ਸਕੂਲ ਨਹੀਂ ਜਾ ਰਹੇ ਹਨ ਅਤੇ ਨਾ ਹੀ ਗਲੀਆਂ ’ਚ ਸਬਜ਼ੀ ਅਤੇ ਦੁੱਧ ਦੇਣ ਵਾਲੇ ਆ ਰਹੇ ਹਨ।
ਹਰਪ੍ਰੀਤ ਸਿੰਘ, ਘਨਸ਼ਾਮ ਨਿੱਕੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਦਰਜਨਾਂ ਵਾਰ ਸੀਵਰੇਰ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਸਿਰਫ਼ ਭਰੋਸਾ ਦੇਣ ਤੋਂ ਸਿਵਾਏ ਨਗਰ ਕੌਂਸਲ ਦੇ ਪ੍ਰਧਾਨ, ਵਿਧਾਇਕ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵੱਲੋਂ ਹੋਰ ਕੁਝ ਨਹੀਂ ਕੀਤਾ ਗਿਆ।
ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਮੀਂਹ ਪੈਣ ਕਾਰਨ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਉਹ ਪਾਣੀ ਕੱਢਣ ਲਈ ਹਰ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਛੇਤੀ ਸ਼ਹਿਰ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਹੋ ਜਾਵੇਗੀ।