ਜੋਗਿੰਦਰ ਸਿੰਘ ਮਾਨ
ਬੁਢਲਾਡਾ (ਮਾਨਸਾ), 6 ਜੁਲਾਈ
ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਅੱਜ ਬੁਢਲਾਡਾ ਦੇ ਐੱਸਡੀਐੱਮ ਗਗਨਦੀਪ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਹਿਰਦੈਪਾਲ ਸਿੰਘ ਨੇ ਕੀਤੀ, ਜਿਸ ਪ੍ਰੀਕਿਰਿਆ ਨੂੰ ਮੁਕੰਮਲ ਕਰਨ ਤੇ ਲੋਕਾਂ ਨੂੰ ਖੱਜਲ-ਖੁਆਰੀ ਤੋਂ ਕਾਫੀ ਰਾਹਤ ਮਿਲੀ।
ਐਸਡੀਐੱਮ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਨਾਲ ਈ-ਪ੍ਰਣਾਲੀ ਰਾਹੀਂ ਰਜਿਸਟਰੀਆਂ ਸ਼ੁਰੂ ਕਰ ਕੇ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਮੌਕੇ ’ਤੇ 9 ਰਜਿਸਟਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ, ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਕੋਲੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਜਾਵੇਗੀ। ਇਸ ਮੌਕੇ ਪ੍ਰਮੋਦ ਕੁਮਾਰ, ਸੁਰੇਸ਼ ਕੁਮਾਰ, ਧਰਮਜੀਤ ਸਿੰਘ, ਰਾਜੀਵ ਕੁਮਾਰ ਖੋਸਲਾ ਮੌਜੂਦ ਸਨ।