ਪੱਤਰ ਪ੍ਰੇਰਕ
ਮਾਨਸਾ, 17 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਦੂਜੇ ਦਿਨ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਓਵਰਬ੍ਰਿੱਜ ਦੇ ’ਤੇ ਧਰਨਾ ਲਾ ਕੇ ਜਾਮ ਲਾਇਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਲਾਏ ਇਸ ਜਾਮ ਦੌਰਾਨ ਧਰਨਾਕਾਰੀ ਮੰਗ ਕਰ ਰਹੇ ਸਨ ਕਿ ਮਾਨਸਾ ਸ਼ਹਿਰ ਦੇ ਸੀਵਰੇਜ ਦਾ ਸਾਰਾ ਪਾਣੀ ਡੂੰਘਾ ਟੋਆ ਪੁੱਟ ਕੇ ਇਕੱਠਾ ਕੀਤਾ ਹੋਇਆ ਹੈ। ਇਸ ਕਾਰਨ ਉਸ ਇਲਾਕੇ ਦਾ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਗਿਆ ਹੈ। ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨੇੜੇ ਵਸਦੇ 60 ਤੋਂ ਵੱਧ ਘਰਾਂ ਨੂੰ ਪ੍ਰਸ਼ਾਸਨ ਵਾਅਦਿਆਂ ਦੇ ਮੁਤਾਬਕ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਤੋਂ ਆਨਾ-ਕਾਨੀ ਕਰ ਰਿਹਾ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪ੍ਰਸ਼ਾਸਨ ਸੀਵਰੇਜ ਦੇ ਇਕੱਠੇ ਕੀਤੇ ਪਾਣੀ ਨੂੰ ਸੋਧ ਕੇ ਖੇਤੀ ਸੈਕਟਰ ਵਾਸਤੇ ਵਰਤਣ ਲਈ ਤਿਆਰ ਕਰੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੀਂਹ ਵਾਲੇ ਪਾਣੀ ਦੀ ਸੰਭਾਲ ਕਰ ਕੇ ਧਰਤੀ ਹੇਠ ਰੀਚਾਰਜ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰ੍ਰਸ਼ਾਸਨ ਵੱਲੋਂ 20 ਅਪਰੈਲ ਨੂੰ ਸਾਰੇ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਪੀਣ ਵਾਲੇ ਪਾਣੀ ਲਈ ਪਾਈਪਲਾਈਨ ਪਾ ਕੇ ਸਾਰੇ ਘਰਾਂ ਨੂੰ 10 ਦਿਨਾਂ ਦੇ ਅੰਦਰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸੇ ਦੌਰਾਨ ਮਾਨਸਾ ਦੇ ਤਹਿਸੀਲਦਾਰ ਨਵਜੀਵਨ ਛਾਬੜਾ ਵੱਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਲਿਖਤੀ ਭਰੋਸਾ ਦਿੱਤਾ ਗਿਆ ਕਿ ਸੱਤ ਦਿਨਾਂ ਦੇ ਅੰਦਰ-ਅੰਦਰ ਪਾਈਪਲਾਈਨ ਪਾ ਕੇ ਸਾਰੇ ਘਰਾਂ ਤੱਕ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਪਰੰਤ ਜਥੇਬੰਦੀ ਵੱਲੋਂ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।