ਪਰਸ਼ੋਤਮ ਬੱਲੀ
ਬਰਨਾਲਾ, 27 ਦਸੰਬਰ
ਸੀਨੀਅਰ ਆਗੂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਚੱਲੇ ਕਿਸਾਨ ਸੰਘਰਸ਼ ਦੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਮਸਲਿਆਂ ਦਾ ਹੱਲ ਸੰਘਰਸ਼ਾਂ ਰਾਹੀਂ ਹੀ ਹੋ ਸਕਦਾ ਹੈ, ਵੋਟਾਂ ਰਾਹੀਂ ਨਹੀਂ। ਉਹ ਇੱਥੇ ਇੱਕ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ।
ਡਾ. ਦਰਸ਼ਨ ਪਾਲ ਨੇ ਕਿਹਾ ਕਿ ਅੱਜ ਸਾਨੂੰ ਕਿਸਾਨ-ਮਜ਼ਦੂਰ ਏਕਤਾ ਦਾ ਨਾਅਰਾ ਹਕੀਕੀ ਰੂਪ ਵਿੱਚ ਲਾਗੂ ਕਰਨ ਦੀ ਲੋੜ ਹੈ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾਈ ਆਗੂ ਪ੍ਰਿਤਪਾਲ ਸਿੰਘ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰੈਣ ਦੱਤ ਨੇ ਕਿਹਾ ਕਿ ਅੱਜ ਹਕੂਮਤਾਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਇਸ ਸਮੇਂ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਸੰਘਰਸ਼ਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਤਾਂ ਇਸ ਮਸਲੇ ’ਤੇ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਰਾਜਿੰਦਰ ਭਦੌੜ ਨੇ ਕਿਹਾ ਕਿ ਉਨ੍ਹਾਂ ਨੂੰ ਬੇਲੋੜੇ ਰਸਮਾਂ-ਰਿਵਾਜ਼ਾਂ ਨੂੰ ਤਿਆਗ ਕੇ ਵਿਗਿਆਨਕ ਵਿਚਾਰਧਾਰਾ ਅਪਨਾਉਣੀ ਚਾਹੀਦੀ ਹੈ।
ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਹਣ ਸਿੰਘ ਮਾਝੀ ਅਤੇ ਸੇਵਾਮੁਕਤ ਲੈਕਚਰਾਰ ਮੋਹਨ ਲਾਲ ਦੇ ਮਾਤਾ ਦਲੀਪ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਤੇ ਪਰਿਵਾਰ ਵੱਲੋਂ ਮਾਤਾ ਦੀ ਯਾਦ ਵਿੱਚ ‘ਸਤਿਕਾਰ ਸਮਾਗਮ’ ਇੱਕ ਕਨਵੈਨਸ਼ਨ ਦੇ ਰੂਪ ਵਿੱਚ ਤਰਕਸ਼ੀਲ ਭਵਨ ਬਰਨਾਲਾ ’ਚ ਕੀਤਾ ਗਿਆ ਸੀ।
ਇਸ ਮੌਕੇ ਪਹੁੰਚੇ ਬੁਲਾਰਿਆਂ ਨੇ ਚਲੰਤ ਸਮਾਜਿਕ, ਆਰਥਿਕ ਵਰਤਾਰਿਆਂ ’ਤੇ ਚਰਚਾ ਕਰਦਿਆਂ ਲੋਕ ਪੱਖੀ ਸਮਾਜ ਸਿਰਜਣ ਲਈ ਜੱਦੋ ਜਹਿਦ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮੇਘ ਰਾਜ ਮਿੱਤਰ, ਸਵਰਨਜੀਤ ਸਿੰਘ ਸੰਗਰੂਰ, ਡਾ. ਜਸਵੀਰ ਸਿੰਘ ਔਲਖ, ਦਵਿੰਦਰ ਪੂਨੀਆਂ ਆਦਿ ਨੇ ਵੀ ਸੰਬੋਧਨ ਕੀਤਾ।
ਚੋਣਾਂ ਵਿੱਚ ‘ਸੰਯੁਕਤ ਸਮਾਜ ਮੋਰਚੇ’ ਦੀ ਹਮਾਇਤ ਨਹੀਂ ਕਰਾਂਗੇ: ਡਕੌਂਦਾ
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਜਾਂ ਧੜੇ ਦੀ ਹਮਾਇਤ ਨਹੀਂ ਕਰੇਗੀ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚੋਂ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰਾਂ ਵੱਲੋਂ ਕੀਂ ਗਈ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਥੇਬੰਦੀ ‘ਵਿਧਾਨ ਸਭਾ ਚੋਣਾਂ ’ਚ ਹਿੱਸਾ ਨਹੀਂ ਲਵੇਗੀ, ਸੰਯੁਕਤ ਸਮਾਜ ਮੋਰਚੇ’ ਦਾ ਵੀ ਸਮਰਥਨ ਨਹੀਂ ਕੀਤਾ ਜਾਵੇਗਾ। ਆਗੂਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ ਨੇ ਕਿਹਾ ਕਿ ਜਥੇਬੰਦੀ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਸੰਘਰਸ਼ਾਂ ਦੇ ਜ਼ੋਰ ਹੀ ਕਿਸਾਨੀ ਮੰਗਾਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਇਸ ਮੌਕੇ 10 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਪੰਜਾਬ ਪੱਧਰੀ ‘ਜੁਝਾਰ ਰੈਲੀ’ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਰਾਮ ਸਿੰਘ ਮਟੋਰੜਾਂ, ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਕਿਸ਼ਨਗੜ੍ਹ, ਹਰਨੇਕ ਸਿੰਘ ਮਹਿਮਾ, ਹਰੀਸ਼ ਨੱਢਾ, ਪਰਮਿੰਦਰ ਮੁਕਤਸਰ, ਦਰਸ਼ਨ ਸਿੰਘ ਉੱਗੋਕੇ, ਬਲਦੇਵ ਸਿੰਘ ਭਾਈਰੂਪਾ, ਮਹਿੰਦਰ ਸਿੰਘ ਦਿਆਲਪੁਰਾ, ਤੇ ਗੁਰਦੇਵ ਸਿੰਘ ਮਾਂਗੇਵਾਲ ਹਾਜ਼ਰ ਸਨ।
ਭਾਕਿਯੂ (ਲੱਖੋਵਾਲ) ਵੱਲੋਂ ਚੋਣ ਲੜਨ ਵਾਲਿਆਂ ਦੀ ਹਮਾਇਤ ਦਾ ਐਲਾਨ
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਅਤੇ ਅੰਦੋਲਨਾਂ ’ਚ ਏਕਤਾ ਨੂੰ ਮੁੱਖ ਰੱਖ ਕੇ ਅਮਲ ਕੀਤੇ ਜਾਣਗੇ। ਸ੍ਰੀ ਝੰਡੂਕੇ ਨੇ ਕਰਦਿਆਂ ਕਿਹਾ ਕਿ ਦਿੱਲੀ ਅੰਦੋਲਨ ਦੀ ਜਿੱਤ ਤੋਂ ਵਾਪਸ ਆਏ ਕਿਸਾਨ ਨੇਤਾਵਾਂ ’ਤੇ ਲੋਕਾਂ ਵੱਲੋਂ ਚੋਣ ਲੜਨ ਸਬੰਧੀ ਬਣਾਏ ਗਏ ਦਬਾਅ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਦਾ ਗਠਨ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦੇ ਆਗੂ, ਜੋ ਚੋਣਾਂ ਲੜਨਗੇ, ਉਨ੍ਹਾਂ ਦੀ ਹਮਾਇਤ ਕੀਤੀ ਜਾਵੇਗੀ।