ਪਵਨ ਗੋਇਲ
ਭੁੱਚੋ ਮੰਡੀ, 20 ਅਕਤੂਬਰ
ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਅਤੇ ਬੀਜ ਅਤੇ ਖਾਦਾਂ ਆਦਿ ਵਿੱਚ ਨਿੱਜੀ ਕੰਪਨੀਆਂ ਵੱਲੋਂ ਕੀਤੀ ਜਾਂਦੀ ਕਥਿੱਤ ਲੁੱਟ ਖ਼ਿਲਾਫ਼ ਕਿਸਾਨਾਂ ਨੇ 25 ਅਕਤੂਬਰ ਨੂੰ ਅਣਮਿਥੇ ਸਮੇਂ ਲਈ ਮਿਨੀ ਸਕੱਤਰੇਤ ਬਠਿੰਡਾ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਮੰਗਾਂ ਦੀ ਪੂਰਤੀ ਲਈ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ 15 ਦਿਨ ਸੰਘਰਸ਼ ਕੀਤੇ ਜਾਣ ਦੇ ਬਾਵਜੂਦ ਸਰਕਾਰ ਦੁਆਰਾ ਦਿਖਾਈ ਗਈ ਬੇਰੁਖੀ ਤੋਂ ਕਿਸਾਨ ਬੇਹੱਦ ਗੁੱਸੇ ਵਿੱਚ ਹਨ। ਘਿਰਾਓ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਿੰਡ ਭੁੱਚੋ ਖੁਰਦ ਵਿੱਚ ਸੂਬਾਈ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਸ੍ਰੀ ਮਾਨ ਅਤੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਨਰਮੇ ਦੀ ਫਸਲ ਨੂੰ ਤਵੀਆਂ ਨਾਲ ਵਹੁਣਾ ਪੈ ਗਿਆ। ਇਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਰਮੇ ਦਾ ਮੁਆਵਜ਼ਾ ਕਿਸਾਨਾਂ ਨੂੰ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਤੀਹ ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤਾ ਜਾਵੇ, ਮਾੜੇ ਬੀਜ ਤੇ ਸਪਰੇਅ ਵੇਚਣ ਵਾਲੀਆਂ ਕੰਪਨੀਆਂ ਅਤੇ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਵੇ। ਨਰਮਾ ਖਰਾਬੇ ਕਾਰਨ ਖੁਦਕੁਸ਼ੀ ਕਰ ਗਏ ਕਿਸਾਨਾਂ ਤੇ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਦਸ ਦਸ ਲੱਖ ਰੁਪਏ ਮੁਆਵਜਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਜਗਦੇਵ ਸਿੰਘ, ਦਰਸ਼ਨ ਸਿੰਘ, ਜਸਬੀਰ ਸਿੰਘ, ਸੁਖਦੇਵ ਸਿੰਘ ਜਵੰਧਾ, ਬਲਜੀਤ ਸਿੰਘ ਪੂਹਲਾ, ਮਾਲਣ ਕੌਰ ਅਤੇ ਪਰਮਜੀਤ ਕੌਰ ਪਿੱਥੋ ਨੇ ਸੰਬੋਧਨ ਕੀਤਾ।