ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 29 ਅਕਤੂਬਰ
ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਅਤੇ ਬੈਕਟੀਰੀਆ ਦੇ ਝੁਲਸਣ ਕਾਰਨ ਪ੍ਰਭਾਵਿਤ ਨਰਮੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਮਾਲ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਅਤੇ ਬੈਕਟੀਰੀਆ ਦੇ ਝੁਲਸਣ ਕਾਰਨ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਨਾਲਾ ਸਬ-ਡਿਵੀਜ਼ਨ ਵਿੱਚ ਲਗਭਗ 1047 ਏਕੜ ਅਤੇ ਤਪਾ ਸਬ-ਡਿਵੀਜ਼ਨ ਵਿੱਚ ਲਗਭਗ 1708 ਏਕੜ ਰਕਬੇ ਨੂੰ ਗੁਲਾਬੀ ਸੁੰਡੀ ਅਤੇ ਬੈਕਟੀਰੀਆ ਦੇ ਝੁਲਸ ਕਾਰਨ ਨੁਕਸਾਨ ਹੋਇਆ ਹੈ। ਇਸ ਦੌਰਾਨ ਐੱਸਡੀਐੱਮ ਵਰਜੀਤ ਵਾਲੀਆ ਦੀ ਅਗਵਾਈ ਵਾਲੀ ਟੀਮ ਨੇ ਬਰਨਾਲਾ ਸ਼ਹਿਰ ਦੇ ਆਸ-ਪਾਸ ਕਿਸਾਨਾਂ ਦੇ ਖੇਤਾਂ, ਪਿੰਡ ਪੱਖੋਕੇ ਤੇ ਖੁੱਡੀ ਕਲਾਂ ਆਦਿ ਦਾ ਦੌਰਾ ਕੀਤਾ ਅਤੇ ਨਰਮੇ ਦੀ ਫਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ।