ਜੋਗਿੰਦਰ ਸਿੰਘ ਮਾਨ
ਮਾਨਸਾ, 3 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਅੱਜ ਗੁਲਾਬੀ ਸੁੰਡੀ ਕਾਰਨ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ। ਉਹ ਬਣਾਂਵਾਲਾ ਤੇ ਦਾਨੇਵਾਲਾ ਵਿਚ ਪੀੜਤ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਮਾਲਵੇ ਪੱਟੀ ਵਿੱਚ ਕਿਸਾਨ ਗੁਲਾਬੀ ਸੁੰਡੀ ਨਾਲ ਜੂਝ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਨੂੰ ਲਾਵਾਰਿਸ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ 2015 ਵਿੱਚ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਨੇ ਚਿੱਟੀ ਮੱਖੀ ਦੀ ਚਪੇਟ ਵਿੱਚ ਆਏ ਕਿਸਾਨਾਂ ਨੂੰ ਛੱਡ ਦਿੱਤਾ ਸੀ। ਉਹ ਅੱਜ ਪਿੰਡ ਬਣਾਂਵਾਲਾ ਵਿਖੇ ਗੁਲਾਬੀ ਸੁੰਡੀ ਕਾਰਨ ਆਤਮ ਹੱਤਿਆ ਕਰ ਗਏ ਕਿਸਾਨ ਸੁਖਮੰਦਰ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਦਾ ਦੁੱਖ ਵੰਡਾਉਣ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਣਦੇਖੀ ਕਾਰਨ, ਉਦੋਂ ਵੀ ਪੀੜਤ ਕਿਸਾਨਾਂ ਨੇ ਮਜਬੂਰ ਹੋ ਕੇ ਆਤਮ ਹੱਤਿਆਵਾਂ ਕੀਤੀਆਂ ਸਨ, ਹੁਣ ਗੁਲਾਬੀ ਸੁੰਡੀ ਦੇ ਝੰਬੇ ਕਿਸਾਨ ਵੀ ਉਸੇ ਰਾਹ ਪੈਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ, ਦਾਨੇਵਾਲਾ, ਖਿਆਲਾ ਕਲਾਂ ਦੇ ਤਿੰਨ ਕਿਸਾਨਾਂ ਵੱਲੋਂ ਕੀਤੀ ਗਈ ਆਤਮ ਹੱਤਿਆ ਸਰਕਾਰ ਦੀ ਅਣਗਹਿਲੀ ਅਤੇ ਸੰਪੂਰਨ ਕਰਜ਼ਾਮੁਆਫ਼ੀ ਬਾਰੇ ਕੀਤੀ ਵਾਅਦਾਖ਼ਿਲਾਫ਼ੀ ਦਾ ਨਤੀਜਾ ਹਨ। ਉਨ੍ਹਾਂ ਦੱਸਿਆ ਕਿ ਸੁਖਮੰਦਰ ਸਿੰਘ 10 ਏਕੜ ਜ਼ਮੀਨ ਦਾ ਮਾਲਕ ਸੀ ਅਤੇ 7-8 ਏਕੜ ਜ਼ਮੀਨ ਠੇਕੇ ਉੱਤੇ ਲੈ ਕੇ ਨਰਮੇ ਦੀ ਖੇਤੀ ਕਰਦਾ ਸੀ। ਉਨ੍ਹਾਂ ਕਿਹਾ ਕਿ ਫ਼ਸਲ ਵਧੀਆ ਸੀ ਪਰ ਅਚਾਨਕ ਗੁਲਾਬੀ ਸੁੰਡੀ ਦੀ ਦਵਾਈ ਨੇ ਸਾਰੀ ਫ਼ਸਲ ਤਬਾਹ ਕਰ ਦਿੱਤੀ, ਜਿਸ ਕਾਰਨ ਸੁਖਮੰਦਰ ਸਿੰਘ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਾਨੇਵਾਲਾ ਪਿੰਡ ਦੇ ਰਛਪਿੰਦਰ ਸਿੰਘ ਨੂੰ ਆਤਮਹੱਤਿਆ ਕਰਨ ਲਈ ਮਜਬੂਰ ਕਰ ਦਿੱਤਾ, ਜੋ ਚਾਰ ਏਕੜ ਜ਼ਮੀਨ ਦਾ ਮਾਲਕ ਸੀ ਅਤੇ 10 ਏਕੜ ਜ਼ਮੀਨ ਠੇਕੇ ’ਤੇ ਲੈਕੇ ਨਰਮੇ ਦੀ ਖੇਤੀ ਕਰ ਰਿਹਾ ਸੀ। ਪ੍ਰੋਫੈਸਰ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ਕੋਲੋਂ ਪੀੜਤ ਪਰਿਵਾਰਾਂ ਦੇ ਇਕ-ਇੱਕ ਮੈਂਬਰ ਲਈ ਸਰਕਾਰੀ ਨੌਕਰੀ, ਪੂਰਨ ਕਰਜ਼ਾ ਮੁਆਫ਼ੀ, ਯੋਗ ਮੁਆਵਜ਼ੇ ਅਤੇ ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਸਰਕਾਰ ਵੱਲੋਂ ਉਠਾਏ ਜਾਣਗੇ ਦੀ ਮੰਗ ਕੀਤੀ।