ਪਵਨ ਗੋਇਲ
ਭੁੱਚੋ ਮੰਡੀ, 23 ਅਕਤੂਬਰ
ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਅਤੇ ਨਿੱਜੀ ਕੰਪਨੀਆਂ ਵੱਲੋਂ ਕੀਤੀ ਜਾਂਦੀ ਕਥਿਤ ਲੁੱਟ ਖ਼ਿਲਾਫ਼ 25 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਮਿਨੀ ਸਕੱਤਰੇਤ ਬਠਿੰਡਾ ਦੇ ਕੀਤੇ ਜਾਣ ਵਾਲੇ ਘਿਰਾਓ ਦੀਆਂ ਤਿਆਰੀਆਂ ਵਿੱਚ ਕਿਸਾਨ ਜੁਟੇ ਹੋਏ ਹਨ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਲਹਿਰਾ ਬੇਗਾ ਵਿੱਚ ਆਗੂ ਬਚਿੱਤਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।
ਇਸ ਮੌਕੇ ਬਲਾਕ ਪ੍ਰੈੱਸ ਸਕੱਤਰ ਅਵਤਾਰ ਸਿੰਘ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫ਼ਸਲ ਖਰਾਬੇ ਦੀ ਦੁਬਾਰਾ ਗਿਰਦਾਵਰੀ ਕਰਨ ਦੇ ਹੁਕਮ ਦੇ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਘੱਟ ਤੋਂ ਘੱਟ ਮੁਆਵਜ਼ਾ ਦਿੱਤਾ ਜਾ ਸਕੇ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਕਾਂਗਰਸ ਸਰਕਾਰ ਨੇ ਕਿਸਾਨਾਂ ਵੱਲੋਂ ਮੁਆਵਜ਼ੇ ਲਈ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ 15 ਦਿਨ ਦਿੱਤੇ ਧਰਨੇ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨਰਮੇ ਦੇ ਮੁਆਵਜ਼ੇ ਵਜੋਂ ਕਿਸਾਨਾਂ ਨੂੰ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਤੀਹ ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤਾ ਜਾਵੇ, ਮਾੜੇ ਬੀਜ ਤੇ ਸਪਰੇਅ ਵੇਚਣ ਵਾਲੀਆਂ ਕੰਪਨੀਆਂ ਤੇ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਵੇੇ।