ਪੱਤਰ ਪ੍ਰੇਰਕ
ਮਾਨਸਾ, 21 ਮਾਰਚ
ਨਰਮੇ ਦੇ ਮੁਆਵਜ਼ੇ ਤੋਂ ਵਾਂਝੇ ਰਹਿੰਦੇ ਕਿਸਾਨਾਂ-ਮਜਦੂਰਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਸਕੱਤਰੇਤ ਦੇ ਗੇਟ ਅੱਗੇ ਲਾਏ ਮੋਰਚੇ ਦੇ 5ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਕਈ ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਕੱਤਰੇਤ ਵਿੱਚ ਕਿਸੇ ਵੀ ਅਧਿਕਾਰੀ ਨੇ ਜਾਣ ਦੀ ਹਿੰਮਤ ਨਾ ਕੀਤੀ ਅਤੇ ਅਧਿਕਾਰੀਆਂ ਦੀ ਗੈਰ-ਹਾਜ਼ਰੀ ਦਾ ਲਾਹਾ ਲੈ ਕੇ ਦੂਜੇ ਮੁਲਾਜ਼ਮ ਵੀ ਘੱਟ ਵਿਖਾਈ ਦਿੱਤੇ। ਉਧਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਮੰਚ ਤੋਂ ਨਵੇਂ ਬਣੇ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਦੇ ਮਾਨਸਾ ਸਥਿਤ ਘਰ ਅੱਗੇ ਜਾ ਕੇ ਧਰਨਾ ਦੇਣ ਦਾ ਐਲਾਨ ਕਰ ਦਿੱਤਾ। ਬਾਅਦ ਵਿੱਚ ਇਸ ਮਸਲੇ ਦਾ ਹੱਲ ਉਸ ਵੇਲੇ ਹੋਇਆ, ਜਦੋਂ ਕਿਸਾਨਾਂ ਦੇ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਮਾਨਸਾ ਦੇ ਐੱਸਡੀਐੱਮ ਹਰਜਿੰਦਰ ਸਿੰਘ ਜੱਸਲ ਨੇ
ਜਾ ਕੇ ਜਥੇਬੰਦਕ ਆਗੂਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਤਿੰਨੇ ਵਿਧਾਇਕਾਂ ਸਮੇਤ ਨਵੇਂ ਬਣੇ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਧਰਨੇ ਵਿੱਚ ਆ ਕੇ ਕਿਸਾਨਾਂ ਦੀ ਮੁਸੀਬਤ ਨੂੰ ਨਾ ਸੁਣਿਆ ਨਾ ਸਮਝਿਆ। ਉਧਰ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਪਾਰਟੀ ਆਗੂਆਂ ਨੂੰ ਮੁਆਵਜਾ ਰਾਸ਼ੀ ਡੀਸੀ. ਦੇ ਖਾਤੇ ਵਿੱਚ ਆਉਣ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪੋਸਟ ਨਹੀਂ ਪਾਉਣੀ ਚਾਹੀਦੀ ਸੀ ਅਤੇ ਇਸ ਗੱਲ ਲਈ ਉਨ੍ਹਾਂ ਮੰਤਰੀ ਅਤੇ ਵਿਧਾਇਕ ਵੱਲੋਂ ਕਿਸਾਨਾਂ ਦੇ ਇਕੱਠ ਵਿੱਚ ਆ ਕੇ ਮੁਆਫ਼ੀ ਮੰਗੀ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੁਆਵਜਾ ਰਾਸ਼ੀ ਮਿਲਣ ਤੱਕ ਮਾਨਸਾ ਦੇ ਸੈਕਟਰੀਏਟ ਅੱਗੇ ਲਗਾਇਆ ਮੋਰਚਾ ਜਾਰੀ ਰਹੇਗਾ।
ਰਾਸ਼ੀ 25 ਮਾਰਚ ਤੱਕ ਜਾਰੀ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ
ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦੀ ਮੁਆਵਜ਼ਾ ਰਾਸ਼ੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਿੰਨਾਂ ਚਿਰ ਤੱਕ ਕਿਸਾਨਾਂ-ਮਜ਼ਦੂਰਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਨਹੀਂ ਆ ਜਾਂਦੀ, ਉਨਾ ਚਿਰ ਤੱਕ ਇਹ ਧਰਨਾ ਜਾਰੀ ਰਹੇਗਾ। ਧਰਨੇ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਚਿਤਵਾਨੀ ਦਿੰਦਿਆਂ ਕਿਹਾ ਕਿ ਮੁਆਵਜ਼ਾ ਰਾਸ਼ੀ ਜੇ 25 ਮਾਰਚ ਤੱਕ ਜਾਰੀ ਨਾ ਕੀਤੀ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।