ਪੱਤਰ ਪ੍ਰੇਰਕ
ਫਤਹਿਗੜ੍ਹ ਪੰਜਤੂਰ, 3 ਜੁਲਾਈ
ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਅੱਜ ਇੱਥੋਂ ਨੇੜਲੇ ਪਿੰਡ ਕੜਿਆਲ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਏਕੜ ਜ਼ਮੀਨ ਵਿੱਚ ਬੂਟੇ ਲਗਾਏ ਗਏ। ਬੂਟੇ ਲਗਾਉਣ ਲਈ ਜ਼ਮੀਨ ਪ੍ਰਭਜੀਤ ਸਿੰਘ ਸੇਖੋਂ ਨੇ ਦਿੱਤੀ। ਇਸ ਦੌਰਾਨ ਸਰਪੰਚ ਰੁਪਿੰਦਰਜੀਤ ਸਿੰਘ ਧਾਲੀਵਾਲ ਨੇ ਵੀ ਇੱਕ ਏਕੜ ਪੰਚਾਇਤੀ ’ਤੇ ਬੂਟੇ ਲਗਾਉਣ ਦਾ ਐਲਾਨ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਜ ਹਰੇਕ ਮਨੁੱਖ ਨੂੰ ਘੱਟੋ ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ।
ਸੰਸਥਾ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ 1 ਜੁਲਾਈ ਤੋਂ 17 ਜੁਲਾਈ 22 ਤੱਕ ਇੱਕ ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਹੈ ਅਤੇ ਪੰਜਾਬ ਵਿੱਚ ਕੁੱਲ ਇੱਕ ਅਰਬ ਬੂਟੇ ਲਾਉਣ ਦਾ ਸੰਕਲਪ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਗੁਰਲੀਨ ਸਿੰਘ ਖੁਰਾਣਾ ਅਤੇ ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ ਹਾਜ਼ਰ ਸਨ। ਸਟੇਜ ਦਾ ਸੰਚਾਲਨ ਸ਼ਾਇਰ ਜਸਵੰਤ ਕੜਿਆਲ ਨੇ ਬਾਖੂਬੀ ਨਿਭਾਇਆ। ਇਸ ਮੌਕੇ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ।