ਪੱਤਰ ਪ੍ਰੇਰਕ
ਜ਼ੀਰਾ, 14 ਅਗਸਤ
ਸੀਆਈਏ ਸਟਾਫ਼ ਜ਼ੀਰਾ ਪੁਲੀਸ ਵੱਲੋਂ ਇੱਕ ਕਿਲੋ ਅਫੀਮ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਜ਼ੀਰਾ ਦੇ ਇੰਚਾਰਜ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਐੱਸਐੱਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਉਨ੍ਹਾਂ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਦਾਣਾ ਮੰਡੀ ਜ਼ੀਰਾ ਕੋਲ ਗਸ਼ਤ ਕਰ ਰਹੀ ਸੀ।
ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਵਰਨਾ ਕਾਰ, ਜਿਸ ਵਿੱਚ ਦੋ ਨੌਜਵਾਨ ਸਵਾਰ ਸਨ, ਨੂੰ ਪੁਲੀਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਕਾਰ ਭਜਾ ਲਈ। ਪੁਲੀਸ ਪਾਰਟੀ ਨੇ ਉਨ੍ਹਾਂ ਗੱਡੀ ਦਾ ਪਿੱਛਾ ਕੀਤਾ ਤਾਂ ਪਿੰਡ ਅਲੀਪੁਰ ਵਿੱਚ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦਾ ਨਾਂ ਪਤਾ ਪੁੱਛਣ ’ਤੇ ਉਨ੍ਹਾਂ ਨੇ ਆਪਣਾ ਨਾਂ ਲਵਪ੍ਰੀਤ ਉਰਫ ਲੱਭਾ ਪੁੱਤਰ ਬਾਜ ਸਿੰਘ ਵਾਸੀ ਰੁਕਨੇਵਾਲਾ, ਸੁਰਿੰਦਰ ਸਿੰਘ ਉਰਫ ਛਿੰਦਾ ਪੁੱਤਰ ਕੁਲਬੀਰ ਸਿੰਘ ਵਾਸੀ ਘੁਮਿਆਰੀ ਵਾਲਾ ਦੱਸਿਆ। ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇੱਕ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿੱਚ ਮਾਮਲਾ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।