ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ 24 ਅਗਸਤ
ਨਸ਼ਾ ਤਸਕਰੀ ਦੀ ਆੜ ’ਚ ਸਦਰ ਥਾਣਾ ਬੁਢਲਾਡਾ ਦੇ ਮੁਲਾਜ਼ਮਾਂ ਵੱਲੋਂ ਪਿੰਡ ਬੱਛੋਆਣਾ ਦੇ ਹਰਵਿੰਦਰ ਸਿੰਘ ਦੀ ਕਥਿਤ ਕੁੱਟਮਾਰ ਕੀਤੀ ਗਈ। ਪਿੰਡ ਬੱਛੋਆਣਾ ਦੇ ਅਕਾਲੀ ਆਗੂ ਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਸ਼ਾਮ ਸਮੇਂ ਸੈਰ ਕਰਨ ਜਾ ਰਿਹਾ ਸੀ ਤਾਂ ਅਚਾਨਕ ਸਦਰ ਪੁਲੀਸ ਨਾਲ ਸਬੰਧਤ ਕੁਝ ਮੁਲਾਜ਼ਮ ਉਸ ਨੂੰ ਫੜ ਕੇ ਥਾਣੇ ਵਿੱਚ ਲੈ ਗਏ। ਇਸ ਦੌਰਾਨ ਪਿੰਡ ਵਿੱਚ ਜਦੋਂ ਲੋਕਾਂ ਨੂੰ ਪਤਾ ਲੱਗਿਆ ਤਾਂ ਰੋਹ ਵਿੱਚ ਆਏ ਲੋਕਾਂ ਨੇ ਸਦਰ ਥਾਣੇ ਨੂੰ ਘੇਰ ਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਦੇ ਰੋਹ ਅੱਗੇ ਝੁਕਦਿਆਂ ਪੁਲੀਸ ਨੇ ਨੌਜਵਾਨ ਨੂੰ ਰਿਹਾਅ ਕਰ ਦਿੱਤਾ ਜਿੱਥੇ ਇਲਾਜ ਲਈ ਨੌਜਵਾਨ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ। ਥਾਣੇ ਦੇ ਬਾਹਰ ਸੈਂਕੜੇ ਔਰਤਾਂ ਅਤੇ ਪੁਰਸ਼ਾਂ ਵੱਲੋਂ ਪੁਲੀਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਨਸਾਫ ਲਈ ਪਿੰਡ ਦੇ ਲੋਕਾਂ ਵੱਲੋਂ ਸਾਂਝੀ 11 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਧਰਨਾਕਾਰੀ ਮੰਗ ਕਰ ਰਹੇ ਸਨ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰਦਿਆਂ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੁੱਟਮਾਰ ਕਰਨ ਵਾਲੇ ਮੁਲਾਜਮ ਸ਼ਰਾਬ ਦੇ ਨਸ਼ੇ ਵਿੱਚ ਸਨ। ਦੂਸਰੇ ਪਾਸੇ ਪੁਲੀਸ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਇਨਸਾਫ ਦੇਣ ਦਾ ਭਰੋਸਾ ਦਿੱਤਾ। ਪਰ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।