ਅਬੋਹਰ ਦੇ ਗੋਬਿੰਦ ਨਗਰੀ ਇਲਾਕੇ ਤੋਂ ਕਰੀਬ 45 ਦਿਨ ਪਹਿਲਾਂ ਲਾਪਤਾ ਹੋਈ ਨਾਬਾਲਗ ਲੜਕੀ ਦਾ ਅਜੇ ਤੱਕ ਕੋਈ ਸੁਰਾਗ ਨਾ ਮਿਲਣ ਕਾਰਨ ਪੀੜਤ ਪਰਿਵਾਰ ਦੇ ਸਮਰਥਨ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਨੇ ਰੋਸ ਮਾਰਚ ਕਰਦਿਆਂ ਸਿਟੀ ਥਾਣੇ ਅੱਗੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਾਬਾਲਗ ਦੀ ਸੁਰੱਖਿਅਤ ਬਰਾਮਦਗੀ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਲਾਪਤਾ ਲੜਕੀ ਦੇ ਪਿਤਾ ਰਾਜੇਸ਼ ਕੁਮਾਰ ਨੇ ਪੁਲੀਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇ ਸ਼ੁਰੂਆਤੀ ਦਿਨਾਂ ਵਿੱਚ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਂਦੀ ਤਾਂ ਸ਼ਾਇਦ ਅੱਜ ਇਹ ਹਾਲਾਤ ਨਾ ਬਣਦੇ। ਉਨ੍ਹਾਂ ਸਰਕਾਰ ਤੋਂ ਵਿਸ਼ੇਸ਼ ਜਾਂਚ ਕਰਵਾਉਣ ਦੀ ਮੰਗ ਕੀਤੀ।
ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਕੋਈ ਠੋਸ ਨਤੀਜਾ ਸਾਹਮਣੇ ਨਾ ਆਇਆ ਤਾਂ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ।
ਸਿਟੀ ਥਾਣਾ ਮੁਖੀ ਮਨਿੰਦਰ ਸਿੰਘ ਨੇ ਪ੍ਰਦਰਸ਼ਨਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ। ਰਾਜਸਥਾਨ ਦੇ ਇੱਕ ਨੌਜਵਾਨ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਕਈ ਹੋਰ ਪਹਿਲੂਆਂ ’ਤੇ ਵੀ ਜਾਂਚ ਜਾਰੀ ਹੈ।
ਦੂਜੇ ਪਾਸੇ ਪੀੜਤ ਪਰਿਵਾਰ ਨੇ ਪੁਲੀਸ ਵੱਲੋਂ ਮੰਗੇ ਗਏ ਹੋਰ ਸਮੇਂ ਨੂੰ ਸਵੀਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਪਰਿਵਾਰਕ ਮੈਂਬਰ ਸਿਟੀ ਥਾਣੇ ਦੇ ਅਹਾਤੇ ਵਿੱਚ ਦਰੱਖਤ ਹੇਠ ਧਰਨੇ ’ਤੇ ਬੈਠ ਗਏ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਧੀ ਨਹੀਂ ਮਿਲਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
