ਜੋਗਿੰਦਰ ਸਿੰਘ ਮਾਨ
ਮਾਨਸਾ, 17 ਅਕਤੂਬਰ
ਮਨਰੇਗਾ ਵਰਕਰ ਯੂਨੀਅਨ ਵੱਲੋਂ ਸੂਬਾ ਮੀਤ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ ਗਿਆ। ਬਾਲ ਭਵਨ ਮਾਨਸਾ ਤੋਂ ਇਕੱਠੇ ਹੋਕੇ ਡਿਪਟੀ ਕਮਿਸ਼ਨਰ ਮਾਨਸਾ ਦਫ਼ਤਰ ਤੱਕ ਮਾਰਚ ਕਰਨ ਤੋਂ ਬਾਅਦ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਗਿਆ। ਪੱਤਰ ਸੌਂਪਣ ਤੋਂ ਪਹਿਲਾਂ ਮਨਰੇਗਾ ਵਰਕਰਾਂ ਨੂੰ ਪੰਜਾਬ ਪੁਲੀਸ ਵੱਲੋਂ ਅੱਗੇ ਵੱਧਣ ਤੋਂ ਰੋਕਿਆ ਗਿਆ ਅਤੇ ਬਾਅਦ ਵਿੱਚ ਇੱਕ ਵਫ਼ਦ ਨੇ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।
ਇਸ ਪਹਿਲਾਂ ਮਨਰੇਗਾ ਵਰਕਰ ਯੂਨੀਅਨ ਵੱਲੋਂ ਆਪਣੇ ਮਸਲਿਆਂ ਨੂੰ ਲੈ ਕੇ ਮਾਰਚ ਪਾਸਟ ਕੀਤਾ ਗਿਆ, ਜਿਸ ਦੌਰਾਨ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿਛਲੇ ਦਿਨੀ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਕਿ ਮਨਰੇਗਾ ਕਿਰਤੀਆਂ ਤੋਂ ਝੋਨੇ ਦੀ ਪਰਾਲੀ ਇੱਕਠੀ ਕਰਨ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਰੇਗਾ ਕਿਰਤੀਆਂ ਕੋਲੋਂ ਝੋਨੇ ਦੀ ਪਰਾਲੀ ਚੁਕਾਉਣਾ ਸ਼ਰ੍ਹੇਆਮ ਮਜ਼ਦੂਰ ਵਰਗ ਨਾਲ ਬੇਇਨਸਾਫੀ ਹੈ, ਜਦੋਂ ਕਿ ਮਨਰੇਗਾ ਦੇ ਕੰਮ ਕੇਂਦਰ ਸਰਕਾਰ ਵੱਲੋਂ ਸੀਮਿਤ ਤੈਅ ਕੀਤੇ ਹੋਏ ਹਨ, ਜਿਨ੍ਹਾਂ ਤੋਂ ਬਾਹਰ ਜਾ ਕੇ ਕੰਮ ਕਰਾਉਣਾ ਮਨਰੇਗਾ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬੇਜ਼ਮੀਨੇ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕ ਹਾੜ੍ਹੀ ਸਾਉਣੀ ਦਾ ਸੀਜ਼ਨ ਬੜੀ ਬੇਸਬਰੀ ਨਾਲ ਉਡੀਕਦੇ ਹਨ ਤਾਂ ਕਿ ਸੀਜ਼ਨ ਦੌਰਾਨ ਖੇਤੀ ਦੇ ਕੰਮ ਵਿੱਚ ਮਜ਼ਦੂਰੀ ਮਿਲ ਸਕੇ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ, ਪਰ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਮਜ਼ਦੂਰ ਵਰਗ ਦੇ ਹੱਕਾਂ ਉਪਰ ਡਾਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮਜ਼ਦੂਰਾਂ ਤੋਂ ਕੰਮ ਕਰਾਉਣਾ ਚਾਹੁੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਕੋਲੋਂ ਪੰਜਾਬ ਦੇ ਮਿਨੀਮਮ ਵੇਜ ਜੋ ਕਿ ਕੁਝ ਦਿਨ ਪਹਿਲਾਂ ਲਾਗੂ ਹੋਏ ਹਨ, ਮੁਤਾਬਿਕ 397.46 ਰੁਪਏ ਹਰ ਕਿਰਤੀ ਨੂੰ ਪੰਜਾਬ ਸਰਕਾਰ ਆਪਣੇ ਕੋਲੋਂ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਰੇਗਾ ਕਿਰਤੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਨਰੇਗਾ ਵਰਕਰ ਯੂਨੀਅਨ ਸੂਬਾ ਪੱਧਰੀ ਸੰਘਰਸ਼ ਵਿਢੇਗੀ। ਇਸ ਮੌਕੇ ਪ੍ਰੀਤਮ ਸਿੰਘ, ਬਲਜਿੰਦਰ ਸਿੰਘ, ਕਰਮਜੀਤ ਸਿੰਘ, ਕਰਮਜੀਤ ਕੌਰ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਭੋਲਾ ਸਿੰਘ, ਹਰਨੇਕ ਸਿੰਘ ਨੇ ਵੀ ਸੰਬੋਧਨ ਕੀਤਾ।