Political Meeting: 3 ਅਗਸਤ ਦੀ ਮੀਟਿੰਗ ਲਈ Congress ਨੇ ਕੱਸੀ ਕਮਰ
ਬਘੇਲ ਤੇ ਵੜਿੰਗ ਸੰਬੋਧਨ ਕਰਨਗੇ; ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਚਰਚਾ ਹੋਵੇਗੀ
ਕਾਂਗਰਸ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੀ ਲੜੀ ਤਹਿਤ 3 ਅਗਸਤ ਨੂੰ ਬਠਿੰਡਾ ਜ਼ਿਲ੍ਹੇ ਦੀ ਵਿਸ਼ੇਸ਼ ਮੀਟਿੰਗ ਕਰਵਾਈ ਜਾ ਰਹੀ ਹੈ। ਇਸ ਅਹਿਮ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਕਾਂਗਰਸ ਭਵਨ ਵਿੱਚ ਇੱਕ ਅਹਿਮ ਬੈਠਕ ਮੀਟਿੰਗ ਕੀਤੀ ਗਈ।
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ 3 ਅਗਸਤ ਨੂੰ ਹੋਣ ਵਾਲੀ ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸਮੇਤ ਪਾਰਟੀ ਦੇ ਕਈ ਹੋਰ ਆਲਾ ਆਗੂ ਉਚੇਚੇ ਤੌਰ ਉੱਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨਾ, ਪਾਰਟੀ ਵਰਕਰਾਂ ਦੀ ਰਾਏ ਜਾਣਨਾ ਤੇ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਹੈ।
ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ ਆਗਾਮੀ ਮੀਟਿੰਗ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਦੇ ਮਕਸਦ ਨਾਲ ਕੌਂਸਲਰ ਉਮੀਦਵਾਰਾਂ, ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਸਰਗਰਮ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਦੀ ਮੰਗ ਅਨੁਸਾਰ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
ਇਸ ਮੌਕੇ ਐਡਵੋਕੇਟ ਰਾਜਨ ਗਰਗ ਨੇ ਦਾਅਵਾ ਕੀਤਾ ਕਿ ਪੂਰੇ ਪੰਜਾਬ ਵਿੱਚ ਇਸ ਸਮੇਂ ਕਾਂਗਰਸ ਪੱਖੀ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਮੌਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਕਾਂਗਰਸ ਪਾਰਟੀ ਨੂੰ ਇੱਕ ਮਜ਼ਬੂਤ ਸਿਆਸੀ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਵਰਕਰਾਂ ਦੀ ਰਾਏ ਨੂੰ ਪਹਿਲ ਦੇ ਆਧਾਰ ਉੱਤੇ ਤਰਜੀਹ ਦੇ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ਉੱਤੇ ਮੁਕੰਮਲ ਤਿਆਰੀ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਸੀਨੀਅਰ ਕਾਂਗਰਸੀ ਆਗੂ ਬੀਬਾ ਅੰਮ੍ਰਿਤਾ ਗਿੱਲ, ਮਾਰਕਫੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ, ਸੀਨੀਅਰ ਆਗੂ ਅਸ਼ੋਕ ਕੁਮਾਰ, ਅਰੁਣ ਵਧਾਵਨ ਅਤੇ ਬਲਜਿੰਦਰ ਠੇਕੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

