ਸਜ਼ਾ ਪੂਰੀ ਕਰ ਚੁੱਕੇ ਸਿਆਸੀ ਕੈਦੀ ਰਿਹਾਅ ਹੋਣ: ਧਨੇਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਰਕਸ਼ੀਲ ਭਵਨ ਵਿੱਚ ਸੂਬਾਈ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਮਨਜੀਤ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਅੰਗਰੇਜ਼ ਸਿੰਘ ਭਦੌੜ, ਮੱਖਣ ਸਿੰਘ ਭੈਣੀਬਾਘਾ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਮੰਡੀ ਕਲਾਂ ਨੇ ਕੀਤੀ। ਸੈਮੀਨਾਰ ਉਪਰੰਤ ਸ਼ਹਿਰ ਵਿੱਚ ਮਾਰਚ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਮੁੱਖ ਬੁਲਾਰੇ ਅੰਗਰੇਜ਼ ਸਿੰਘ ਭਦੌੜ ਨੇ ਸਿੱਖ ਇਤਿਹਾਸ ਖਾਸ ਕਰਕੇ ਗੁਰੂ ਨਾਨਕ ਦੇਵ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤੱਕ ਜ਼ੁਲਮ ਖ਼ਿਲਾਫ਼ ਜੂਝਣ ਦੀ ਜੁਝਾਰੂ ਪਰੰਪਰਾ ’ਤੇ ਵਿਸਥਾਰ ਅਤੇ ਇਤਿਹਾਸਕ ਤੱਥਾਂ ਸਹਿਤ ਚਾਨਣਾ ਪਾਇਆ। ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਈ ਦਿਆਲਾ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਬਾਬਾ ਜੀਵਨ ਸਿੰਘ ਤੇ ਗੁਰੂ ਤੇਗ ਬਹਾਦਰ ਦੀ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਜਾਬਰ ਕਾਨੂੰਨਾਂ ਖ਼ਿਲਾਫ਼ ਸੰਘਰਸ਼ਾਂ ਨੂੰ ਤਿੱਖਾ ਕੀਤਾ ਜਾਵੇ। ਸੂਬਾ ਜਥੇਬੰਦਕ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ ਅਤੇ ਪ੍ਰਿਤਪਾਲ ਸਿੰਘ ਮੰਡੀ ਕਲਾਂ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ।
ਇਸ ਮੌਕੇ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਕੈਦੀ ਰਿਹਾਅ ਕਰਨ, ਬਗ਼ੈਰ ਮੁਕੱਦਮੇ ਚਲਾਏ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ ਤੇ ਸਿਆਸੀ ਕਾਰਕੁਨਾਂ ਨੂੰ ਰਿਹਾਅ ਕਰਨ, ਯੂ ਏ ਪੀ ਏ, ਐੱਨ ਐੱਸ ਏ, ਪੀ ਐੱਮ ਐੱਲ ਏ, ਅਫਸਪਾ ਵਰਗੇ ਕਾਲੇ ਕਾਨੂੰਨ ਰੱਦ ਕਰਨ, ਡੈਮ ਸੇਫਟੀ ਐਕਟ ਰੱਦ ਕਰਨ, ਬਿਜਲੀ ਸੋਧ ਬਿੱਲ-2025 ਵਾਪਸ ਲੈਣ, ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦਾ ਐਲਾਨ ਕਰਨ, ਨਵੀਂ ਸਿੱਖਿਆ ਨੀਤੀ-2020 ਵਾਪਸ ਲੈਣ, ਪੰਜਾਬ ਬਿਜਲੀ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਜਾਇਦਾਦਾਂ ਵੇਚਣੀਆਂ ਬੰਦ ਕਰਨ, ਸੋਨਮ ਵਾਂਗਚੁੱਕ ਨੂੰ ਰਿਹਾਅ ਕਰਨ ਅਤੇ ਅਪਰੇਸ਼ਨ ‘ਕਗਾਰ’ ਬੰਦ ਕਰਨ ਦੇ ਮਤੇ ਪਾਸ ਕੀਤੇ ਗਏ। ਇਸ ਮਗਰੋਂ ਤਰਕਸ਼ੀਲ ਚੌਕ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਅੰਤ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਸਾਰੇ ਕਿਸਾਨਾਂ, ਭਰਾਤਰੀ ਜਥੇਬੰਦੀਆਂ ਅਤੇ ਔਰਤਾਂ ਦਾ ਧੰਨਵਾਦ ਕੀਤਾ।
