ਪਵਨ ਗੋਇਲ
ਭੁੱਚੋ ਮੰਡੀ, 14 ਮਾਰਚ
‘ਆਪ’ ਦੇ ਨਵੇਂ ਵਿਧਾਇਕ ਜਗਸੀਰ ਸਿੰਘ ਨੇ ਪਿੰਡ ਤੁੰਗਵਾਲੀ ਦੀ ਸਰਕਾਰੀ ਡਿਸਪੈਂਸਰੀ ਅਤੇ ਜਲ ਘਰ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਡਿਸਪੈਂਸਰੀ ਰਜਿਸਟਰ ਚੈੱਕ ਕੀਤਾ ਤਾਂ ਸਿਹਤ ਵਿਭਾਗ ਦੀ ਕਥਿਤ ਅਣਦੇਖੀ ਦਾ ਖੁਲਾਸਾ ਹੋਇਆ। ਵਿਧਾਇਕ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਡਿਸਪੈਂਸਰੀ ਵਿੱਚ ਡਾਕਟਰ ਅਤੇ ਫਾਰਮਾਸਿਸਟ ਦੀ ਆਸਾਮੀ ਖਾਲੀ ਹੈ ਅਤੇ ਦਵਾਈਆਂ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਡਿਸਪੈਂਸਰੀ ਦਾ ਕੰਮ ਇੱਕੋ-ਇੱਕ ਦਰਜਾ ਚਾਰ ਮੁਲਾਜ਼ਮ ਮਨਜੀਤ ਸਿੰਘ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਐੱਸਐੱਮਓ ਬਠਿੰਡਾ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਟਾਫ਼ ਦੀ ਭਾਰੀ ਕਮੀ ਹੈ। ਵਿਧਾਇਕ ਨੇ ਦੱਸਿਆ ਕਿ ਪਿੰਡ ਦੇ ਜੱਚਾ ਬੱਚਾ ਤੇ ਟੀਕਾਕਰਨ ਦਾ ਕੰਮ ਤਸੱਲੀਬਖ਼ਸ਼ ਸੀ। ਵਿਧਾਇਕ ਨੇ ਵਿਸ਼ਵ ਬੈਂਕ ਵੱਲੋਂ ਦਿੱਤੇ ਗਏ 3.60 ਕਰੋੜ ਨਾਲ ਚੱਲ ਰਿਹਾ ਜਲ ਘਰ ਦੇ ਕੰਮ ਦਾ ਜਾਇਜ਼ਾ ਲਿਆ ਤੇ ਠੇਕੇਦਾਰ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਹਦਾਇਤ ਜਾਰੀ ਕੀਤੀ।
ਫਾਜ਼ਿਲਕਾ (ਪਰਮਜੀਤ ਸਿੰਘ): ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ’ਚ ਛਾਪਾ ਮਾਰਿਆ ਗਿਆ। ਇਸ ਦੌਰਾਨ ਕਈ ਡਾਕਟਰ ਗੈਰ-ਹਾਜ਼ਰ ਮਿਲੇ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਜਦੋਂ ਉਨ੍ਹਾਂ ਸਿਵਲ ਹਸਪਤਾਲ ਦੀ ਚੈਕਿੰਗ ਕੀਤੀ ਤਾਂ ਕਈ ਡਾਕਟਰ ਅਤੇ ਹੋਰ ਸਟਾਫ਼ ਗੈਰ-ਹਾਜ਼ਰ ਮਿਲਿਆ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੇ ਹਸਪਤਾਲ ’ਚ ਡਾਕਟਰਾਂ ਦੀ ਘਾਟ ਪੂਰੀ ਕਰਨ ਅੇ ਖਰਾਬ ਮਸ਼ੀਨਾਂ ਠੀਕ ਕਰਵਾਉਣ ਤੇ ਨਵੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਕੱਚੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਪੱਕਾ ਕਰਨ ਦੀ ਵੀ ਮੰਗ ਕੀਤੀ ਜਿਸ ’ਤੇ ਵਿਧਾਇਕ ਸਵਨਾ ਨੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਕਿਹਾ।
ਫ਼ਰੀਦਕੋਟ (ਜਸਵੰਤ ਜੱਸ): ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਚੋਣ ਜਿੱਤਣ ਤੋਂ ਬਾਅਦ ਜ਼ਿਲ੍ਹਾ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ ਜਿਸ ਵਿੱਚ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਸਮੇਤ ਸੌ ਦੇ ਕਰੀਬ ਜ਼ਿਲ੍ਹਾ ਪੱਧਰੀ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਏ। ਇਸ ਮੀਟਿੰਗ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦਾ ਆਪਸ ਵਿੱਚ ਕੋਈ ਤਾਲਮੇਲ ਨਹੀਂ ਹੈ ਅਤੇ ਲੋਕਾਂ ਦੇ ਸਾਧਾਰਨ ਕੰਮ ਮਹੀਨਿਆਂ ਬੱਧੀ ਦਫ਼ਤਰਾਂ ਵਿੱਚ ਲਟਕਦੇ ਰਹਿੰਦੇ ਹਨ। ਡੀਸੀ ਹਰਬੀਰ ਸਿੰਘ ਨੇ ਨਵੇਂ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਨਵੀਂ ਸਰਕਾਰ ਦੀਆਂ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਮੋਗਾ ’ਚ ਵਿਧਾਇਕਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮੋਗਾ (ਮਹਿੰਦਰ ਸਿੰਘ ਰੱਤੀਆਂ): ਜ਼ਿਲ੍ਹੇ ਦੇ ਚਾਰੇ ਵਿਧਾਇਕਾਂ ਨੇ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਲਾਸ ਲੈਣ ਮਗਰੋਂ ਸਰਕਾਰੀ ਅਦਾਰਿਆਂ ਦੀ ਜਾਂਚ ਕੀਤੀ। ਇਸ ਮੌਕੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਢੋਸ, ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਆਖਿਆ ਕਿ ਹੁਣ ਲੋਕਾਂ ਦੇ ਕੰਮ ਨਾਇਕ ਫਿਲਮ ਵਾਂਗ ਹੋਣਗੇ। ਉਨ੍ਹਾਂ ਕੰਮ ਵਿੱਚ ਦੇਰੀ ਕਰਨ ਵਾਲੇ ਅਤੇ ਰਿਸ਼ਵਤਖੋਰ ਅਧਿਕਾਰੀਆਂ ਤੇ ਕਰਮਚਾਰੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਇਹ ਸਭ ਕੁਝ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਇੱਕੋ ਸੀਟ ਜਾਂ ਇੱਕੋ ਦਫ਼ਤਰ ਵਿੱਚ ਬੈਠੇ ਕਰਮਚਾਰੀਆਂ ਦੇ ਤਬਾਦਲੇ ਹੋਣਗੇ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣ ਲਈ ਪਾਬੰਦ ਕੀਤਾ ਜਾਵੇਗਾ। ਉਨ੍ਹਾਂ ਪਹਿਲਾਂ ਡੀਸੀ ਹਰੀਸ਼ ਨਈਅਰ, ਐੱਸਐੱਸਪੀ ਚਰਨਜੀਤ ਸਿੰਘ ਸੋਹਲ, ਏਡੀਸੀ(ਜ) ਹਰਚਰਨ ਸਿੰਘ, ਐੱਸਡੀਐੱਮ ਸਤਵੰਤ ਸਿੰਘ, ਧਰਮਕੋਟ ਦੇ ਐੱਸਡੀਐੱਮ ਚਾਰੂਮਿਤਾ, ਬਾਘਾਪੁਰਾਣਾ ਦੇ ਐੱਸਡੀਐੱਮ ਨਿਤੀਸ਼ ਸਿੰਗਲਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਦਿੱਤੀਆਂ ਤੇ ਮਗਰੋਂ ਦਫ਼ਤਰਾਂ ਦੀ ਜਾਂਚ ਕੀਤੀ। ਸਾਰੇ ਵਿਧਾਇਕਾਂ ਨੇ ਭਰੋਸਾ ਦਿੱਤਾ ਕਿ ਉਹ ਕਿਸੇ ਵੀ ਸਰਕਾਰੀ ਕੰਮ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨਗੇ।
ਵਿਧਾਇਕ ਲਾਡੀ ਢੋਸ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਸਖ਼ਤੀ
ਫਤਿਹਗੜ੍ਹ ਪੰਜਤੂਰ: ਹਲਕਾ ਧਰਮਕੋਟ ਤੋਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਡੀ ਢੋਸ ਨਸ਼ਿਆਂ ਦੇ ਮੁੱਦੇ ਤੇ ਪੂਰੀ ਤਰ੍ਹਾਂ ਸਖ਼ਤ ਹੋ ਗਏ ਹਨ। ਅੱਜ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੇ ਘਰ ਪਿੰਡ ਕੈਲੇ ਵਿੱਚ ਉਪ ਮੰਡਲ ਪੁਲੀਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਲਕੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਉਪਮੰਡਲ ਪੁਲੀਸ ਅਧਿਕਾਰੀ ਮਨਜੀਤ ਸਿੰਘ ਢੇਸੀ, ਥਾਣਾ ਫਤਿਹਗੜ੍ਹ ਪੰਜਤੂਰ, ਥਾਣਾ ਧਰਮਕੋਟ ਅਤੇ ਥਾਣਾ ਕੋਟ ਈਸੇ ਖਾਂ ਦੇ ਮੁਖੀਆਂ ਤੋਂ ਇਲਾਵਾ ਹਲਕੇ ਵਿੱਚ ਪੈਂਦੀਆਂ ਪੁਲੀਸ ਚੌਕੀਆਂ ਦੇ ਸਾਰੇ ਇੰਚਾਰਜ ਹਾਜ਼ਰ ਸਨ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਹਲਕੇ ਅੰਦਰ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤਖ਼ੋਰੀ ਮੁਕੰਮਲ ਬੰਦ ਹੋਵੇਗੀ ਜੇਕਰ ਕੋਈ ਪੰਜ ਰੁਪਏ ਵੀ ਰਿਸ਼ਵਤ ਦੇ ਲੈਂਣ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। -ਪੱਤਰ ਪ੍ਰੇਰਕ
ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਸਕੂਲਾਂ ਦਾ ਦੌਰਾ
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਇੱਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਸਕੂਲਾਂ ਵਿੱਚ ਹਾਜ਼ਰੀ, ਸਫ਼ਾਈ ਪ੍ਰਬੰਧਾਂ ਅਤੇ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬਾਥਰੂਮਾਂ ਦੀ ਸਫ਼ਾਈ ਵਿਵਸਥਾ ਠੀਕ ਨਹੀਂ ਹੈ ਅਤੇ ਮਿਡ-ਡੇਅ ਮੀਲ ਦੇ ਪ੍ਰਬੰਧ ਵੀ ਤਸੱਲੀਬਖ਼ਸ਼ ਨਹੀਂ ਹਨ। ਉਨ੍ਹਾਂ ਇਸ ਬਾਰੇ ਅਧਿਆਪਕਾਂ ਨੂੰ ਇੱਕ ਹਫ਼ਤੇ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਦੇ ਨਾਲ-ਨਾਲ ਸਕੂਲਾਂ ਵਿੱਚ ਹਾਜ਼ਰੀ ਅਤੇ ਵਿਦਿਆਰਥੀਆਂ ਦੀ ਵਰਦੀ ਦਾ ਵੀ ਧਿਆਨ ਰੱਖਿਆ ਜਾਵੇ।