ਪੱਤਰ ਪ੍ਰੇਰਕ
ਅਬੋਹਰ, 18 ਜੁਲਾਈ
ਸਫ਼ਾਈ ਸੇਵਕ ਮੁਲਾਜ਼ਮਾਂ ਵੱਲੋਂ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਦੇ ਬਕਾਏ ਦੀ ਮੰਗ ਨੂੰ ਲੈ ਕੇ ਕਰੀਬ ਇੱਕ ਹਫ਼ਤੇ ਤੋਂ ਹੜਤਾਲ ਕੀਤੀ ਜਾ ਰਹੀ ਹੈ। ਅੱਜ ਸਫ਼ਾਈ ਸੇਵਕਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਮਗਰੋਂ ਘੜਾ ਭੰਨ ਮੁਜ਼ਾਹਰਾ ਕੀਤਾ। ਇਸ ਦੌਰਾਨ ਸਫਾਈ ਸੇਵਕ ਯੂਨੀਅਨ ਦੇ ਅਹੁਦੇਦਾਰਾਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਮਗਰੋਂ ਦੱਸਿਆ ਕਿ ਜਨਵਰੀ ਮਹੀਨੇ ਤੋਂ ਲੈ ਕੇ ਜੂਨ ਮਹੀਨੇ ਤੱਕ ਦੀ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ ਅਤੇ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਉਨ੍ਹਾਂ ਦੀ 6 ਮਹੀਨਿਆਂ ਦੀ ਤਨਖਾਹ ਬਕਾਇਆ ਪਈ ਹੈ। ਉਨ੍ਹਾਂ ਨੂੰ ਘੱਟੋ-ਘੱਟ ਤਿੰਨ-ਚਾਰ ਮਹੀਨਿਆਂ ਦੀ ਤਨਖਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ। ਇਸ ਮੌਕੇ ਅਸ਼ਵਨੀ ਕੁਮਾਰ ਟਾਂਕ, ਮੁਕੇਸ਼ ਸੋਨੀ, ਸੁਰੇਸ਼ ਕੁਮਾਰ, ਸੁਨੀਲ ਬਗਾਨੀਆ ਆਦਿ ਮੁਲਾਜ਼ਮ ਹਾਜ਼ਰ ਸਨ।