ਬਿਜਲੀ ਸੰਕਟ: ਝੋਨੇ ਦੇ ਖੇਤਾਂ ’ਚ ਪੁੱਜੇ ਸੁਖਬੀਰ
ਪੰਜਾਬ ਵਿੱਚ ਬਿਜਲੀ ਸੰਕਟ ‘ਆਪ’ ਸਰਕਾਰ ਲਈ ਸਿਆਸੀ ਚੁਣੌਤੀ ਬਣ ਰਿਹਾ ਹੈ। ਬਿਜਲੀ ਨਾ ਆਉਣ ਕਾਰਨ ਝੋਨਾ ਸੁੱਕਣ ਲੱਗਿਆ ਹੈ ਅਤੇ ਵਿਰੋਧੀ ਧਿਰਾਂ ਜ਼ਮੀਨੀ ਪੱਧਰ ’ਤੇ ਪਹੁੰਚ ਕੇ ਸਰਕਾਰ ਤੋਂ ਜਵਾਬ ਮੰਗ ਰਹੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ...
ਪੰਜਾਬ ਵਿੱਚ ਬਿਜਲੀ ਸੰਕਟ ‘ਆਪ’ ਸਰਕਾਰ ਲਈ ਸਿਆਸੀ ਚੁਣੌਤੀ ਬਣ ਰਿਹਾ ਹੈ। ਬਿਜਲੀ ਨਾ ਆਉਣ ਕਾਰਨ ਝੋਨਾ ਸੁੱਕਣ ਲੱਗਿਆ ਹੈ ਅਤੇ ਵਿਰੋਧੀ ਧਿਰਾਂ ਜ਼ਮੀਨੀ ਪੱਧਰ ’ਤੇ ਪਹੁੰਚ ਕੇ ਸਰਕਾਰ ਤੋਂ ਜਵਾਬ ਮੰਗ ਰਹੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਮਹਿਣਾ ਦਾ ਦੌਰਾ ਕਰ ਕੇ ਬਿਜਲੀ ਦੀ ਘਾਟ ਕਾਰਨ ਸੁੱਕ ਰਹੀ ਝੋਨੇ ਦੀ ਫਸਲ ਦਾ ਜਾਇਜ਼ਾ ਲਿਆ ਅਤੇ ਸੂਬੇ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਜ਼ਾਹਿਰ ਕੀਤੀ। ਖੇਤਾਂ ਵਿਚ ਸੁੱਕ ਰਹੇ ਝੋਨੇ ਦੀ ਹਾਲਤ ਵਿਖਾਉਂਦੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਰਕਾਰ ਵੱਲੋਂ ਰੋਜ਼ਾਨਾ 8 ਤੋਂ 10 ਘੰਟੇ ਬਿਜਲੀ ਸਪਲਾਈ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਦੀ ਘਾਟ ਕਾਰਨ ਖੇਤਾਂ ਤੱਕ ਲੋੜੀਂਦਾ ਪਾਣੀ ਨਹੀਂ ਪੁੱਜ ਰਿਹਾ ਅਤੇ ਝੋਨੇ ਦੀ ਫਸਲ ਪ੍ਰਭਾਵਿਤ ਹੋ ਰਹੀ ਹੈ। ਅਕਾਲੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰੀਬ 15 ਸਾਲ ਪਹਿਲਾਂ ਵੀ ਪੰਜਾਬ ਵਿੱਚ ਬਿਜਲੀ ਦੀ ਕਮੀ ਸੀ, ਪਰ ਉਸ ਸਮੇਂ ਥਰਮਲ, ਸੋਲਰ ਅਤੇ ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕਰ ਕੇ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਦੀਆਂ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰਾਂ ਨੇ ਨਵੇਂ ਬਿਜਲੀ ਉਤਪਾਦਨ ਪ੍ਰਾਜੈਕਟਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਮੁੜ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ।

