ਪੱਤਰ ਪ੍ਰੇਰਕ
ਭੁੱਚੋ ਮੰਡੀ, 22 ਨਵੰਬਰ
ਐੱਮਐੱਸਯੂ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਅਗਵਾਈ ਹੇਠ ਪੀਐੱਸਪੀਸੀਸੀ ਦੇ ਕਰਮਚਾਰੀਆਂ ਵੱਲੋਂ ਪੇਅ ਬੈਂਡ ਵਿੱਚ ਕੀਤਾ ਵਾਧਾ ਲਾਗੂ ਨਾ ਕੀਤੇ ਜਾਣ ਦੇ ਖ਼ਿਲਾਫ਼ ਜੁਆਇੰਟ ਫੋਰਮ ਦੇ ਸੱਦੇ ’ਤੇ ਅੱਜ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂ ਸਰਬਜੀਤ ਸਿੰਘ ਸਿੱਧੂ, ਦਲਜੀਤ ਸਿੰਘ ਪੁੱਲਰ ਅਤੇ ਰਾਜਵਿਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਪੇਅ ਬੈਂਡ ਵਿੱਚ 1-12-2011 ਤੋਂ ਵਾਧਾ ਕੀਤਾ ਗਿਆ ਸੀ ਪਰ ਹਾਲੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਖ਼ਿਲਾਫ਼ ਮੁਲਾਜ਼ਮਾਂ ਵੱਲੋਂ 15 ਨਵੰਬਰ ਤੋਂ ਲੈ ਕੇ 26 ਨਵੰਬਰ ਤੱਕ ਸਮੂਹਿਕ ਛੁੱਟੀਆਂ ਲੈ ਕੇ ਸੰਘਰਸ਼ ਵਿੱਢਿਆ ਹੋਇਆ ਹੈ। ਪੰਜਾਬ ਅੰਦਰ ਗਰਿੱਡਾਂ ਅਤੇ ਦਫ਼ਤਰਾਂ ਦਾ ਕੰਮ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ।
ਗਿੱਦੜਬਾਹਾ (ਪੱਤਰ ਪ੍ਰੇਰਕ): ਪੰਜਾਬ ਰਾਜ ਬਿਜਲੀ ਬੋਰਡ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਪਾਵਰਕਾਮ ਦੇ ਸਮੂਹ ਕਰਮਚਾਰੀਆਂ ਵਲੋਂ ਮੰਡਲ ਦਫਤਰ ਗਿੱਦੜਬਾਹਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਹਿਲ ਕਲਾਂ (ਪੱਤਰ ਪ੍ਰੇਰਕ): ਬਿਜਲੀ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਅੱਜ ਵੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮਹਿਲ ਕਲਾਂ ਤੇ ਠੁੱਲੀਵਾਲ ਦੇ ਸਬ-ਡਿਵੀਜ਼ਨ ਗਰਿੱਡਾਂ ਅੱਗੇ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪਾਵਰਕੌਮ ਮੁਲਾਜ਼ਮਾਂ ਵੱਲੋਂ ਰੋਸ ਰੈਲੀ
ਮਾਨਸਾ (ਪੱਤਰ ਪ੍ਰੇਰਕ): ਜੁਆਇੰਟ ਫੋਰਮ ਪਾਵਰਕੌਮ ਮਾਨਸਾ ਵੱਲੋਂ ਲਗਾਤਾਰ 8ਵੇਂ ਦਿਨ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਵਿੱਚ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ਤੇ ਮੈਨੇਜਮੈਂਟ ਦਾ ਪਿੱਟ ਸਿਆਪਾ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂ ਅਸ਼ੋਕ ਕੁਮਾਰ ਨੇ ਕਿਹਾ ਕਿ ਪੇਅ ਬੈਂਡ, ਡੀਏ ਦੀਆਂ ਕਿਸ਼ਤਾ, ਪੁਰਾਣੀ ਪੈਨਸ਼ਨ ਸਕੀਮ, ਕੱਚੇ ਕਾਮੇ ਪੱਕੇ ਕਰਨ ਅਤੇ ਮੁਲਾਜ਼ਮਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਸਬੰਧੀ ਕਾਰਪੋਰੇਸ਼ਨ ਦੀ ਮੈਨੇਜਮੈਂਟ ਨਾਲ ਲਿਖਤੀ ਰੂਪ ’ਚ ਹੋਏ ਸਮਝੋਤੇ ਲਾਗੂ ਨਹੀਂ ਕੀਤੇ ਜਾ ਰਹੇ।
ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਬਿਜਲੀ ਬੋਰਡ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਚਾਰ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਕੀਤਾ ਜਾ ਰਿਹਾ ਸੰਘਰਸ਼ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਨਾ ਕਰਕੇ ਸਮੁੱਚੇ ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫ਼ੀ ਅਤੇ ਵਿਸ਼ਵਾਸ਼ਘਾਤ ਕੀਤਾ ਜਾ ਰਿਹਾ ਹੈ, ਜਿਸ ਕਰਕੇ ਕਾਮਿਆਂ ’ਚ ਭਾਰੀ ਰੋਸ ਹੈ।