ਪੱਤਰ ਪ੍ਰੇਰਕ
ਮਾਨਸਾ, 15 ਸਤੰਬਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਅਧੀਨ ਕੰਮ ਕਰਦੀ ਮੁਲਾਜ਼ਮ ਜਥੇਬੰਦੀ ਵੱਲੋਂ ਮੰਡਲ ਦਫ਼ਤਰ ਮਾਨਸਾ ਵਿੱਚ ਸਮੂਹ ਬਿਜਲੀ ਕਾਮਿਆਂ ਵੱਲੋਂ ਐਸਮਾ ਐਕਟ ਲਾਗੂ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਪਾਵਰਕੌਮ, ਟਰਾਂਸਕੋ ਦੇ ਸਮੂਹ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ। ਜਥੇਬੰਦੀ ਦੇ ਆਗੂ ਅਸ਼ੋਕ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਐਸਮਾ ਕਾਨੂੰਨ ਨੂੰ ਵਾਪਿਸ ਲਿਆ ਜਾਵੇ ਨਹੀਂ ਤਾਂ ਬਿਜਲੀ ਕਾਮੇ ਹੋਰ ਵੀ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਵਰਿੰਦਰ ਸਿੰਘ, ਪ੍ਰਦੀਪ ਸਿੰਘ ਸਿੱਧੂ, ਸੁਖਵੀਰ ਹਨੀ, ਬਹਾਦਰ ਸਿੰਘ ਜਵੰਧਾ, ਸੰਜੀਵ ਕੁਮਾਰ, ਰਾਜੀਵ ਕੁਮਾਰ, ਮਨਦੀਪ ਸਿੰਘ ਨੀਟੂ, ਕ੍ਰਿਸ਼ਨ ਮਾਨਬੀਬੜੀਆਂ, ਸਾਹਿਲ ਬਾਂਸਲ, ਸੋਨੂੰ ਕੁਮਾਰ, ਰਾਕੇਸ਼ ਕੁਮਾਰ, ਵਿਸ਼ਾਲ ਗਰਗ, ਰਾਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਪੀਐਸਈਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਐਸਮਾ ਕਾਨੂੰਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਉਸ ਦੀਆਂ ਕਾਪੀਆਂ ਸਾੜੀਆਂ ਗਈਆਂ। ਉਨ੍ਹਾਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਵਿੱਚ ਲਾਗੂ ਕੀਤੇ ਐਸਮਾ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪਾਵਰਕੌਮ ਤੇ ਜੁਆਇੰਟ ਫੋਰਮ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਐਸਮਾ ਦੇ ਵਿਰੋਧ ਵਿੱਚ ਕਾਨੂੰਨ ਦੀਆਂ ਕਾਪੀਆਂ ਅਤੇ ਸਰਕਾਰ ਦੀ ਅਰਥੀ ਸਾੜੀ। ਰੋਸ ਪ੍ਰਦਰਸ਼ਨ ਕਰਦਿਆਂ ਬਲਜੀਤ ਸਿੰਘ ਮੋਦਲਾ, ਬਲਜਿੰਦਰ ਸ਼ਰਮਾ, ਨਛੱਤਰ ਸਿੰਘ ਥਾਂਦੇ, ਗੁਰਦੀਪ ਸਿੰਘ, ਬਸੰਤ ਸਿੰਘ, ਗੁਰਸੇਵਕ ਸਿੰਘ, ਮਨਦੀਪ ਸਿੰਘ, ਮਨਿੰਦਰ ਸਿੰਘ, ਪ੍ਰੇਮ ਕੁਮਾਰ, ਦੇਸ ਰਾਜ, ਮੇਹਰ ਚੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਬਜਾਇ ਐਸਮਾ ਵਰਗੇ ਕਾਨੂੰਨ ਲਾਗੂ ਕਰ ਕੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।