ਜਸਵੰਤ ਸਿੰਘ ਥਿੰਦ
ਮਮਦੋਟ,7 ਮਈ
ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਦਿੱਤੀ ਜਾਂਦੀ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਦਸੰਬਰ 2021 ਮਹੀਨੇ ’ਚ ਕਰੀਬ 490 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਚਾਰ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇਨ੍ਹਾਂ ਪਰਿਵਾਰਾਂ ਨੂੰ ਦੂਜੀ ਕਿਸ਼ਤ ਤਹਿਤ ਮਿਲਣ ਵਾਲੀ 72 ਹਜ਼ਾਰ ਦੀ ਰਾਸ਼ੀ ਨਹੀਂ ਦਿੱਤੀ ਗਈ, ਜਿਸ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਬਲਾਕ ਮਮਦੋਟ, ਬਲਾਕ ਫਿਰੋਜ਼ਪੁਰ, ਮੱਖੂ, ਗੁਰੂ ਹਰਸਹਾਏ, ਜ਼ੀਰਾ ਅਤੇ ਘੱਲ ਖੁਰਦ ਅਧੀਨ 1643 ਦੇ ਕਰੀਬ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਦੇਣ ਦੀ ਪ੍ਰਵਾਨਗੀ ਸਰਕਾਰ ਵੱਲੋਂ ਦਿੱਤੀ ਗਈ ਸੀ। ਇਨ੍ਹਾਂ ਵਿੱਚੋਂ ਸਿਰਫ਼ 490 ਦੇ ਕਰੀਬ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ 30 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਦਸੰਬਰ ਮਹੀਨੇ ਵਿੱਚ ਜਾਰੀ ਕਰ ਦਿੱਤੀ ਗਈ ਸੀ। ਪਹਿਲੀ ਕਿਸ਼ਤ ਮਿਲਣ ਤੋਂ ਬਾਅਦ ਇਨ੍ਹਾਂ ਗ਼ਰੀਬ ਪਰਿਵਾਰਾਂ ਨੇ ਆਪਣੇ ਪਹਿਲੇ ਬਣੇ ਮਕਾਨ ਢਾਹ ਕੇ ਨਵਾਂ ਮਕਾਨ ਬਣਾਉਣ ਲਈ ਉਸਾਰੀ ਸ਼ੁਰੂ ਕਰ ਦਿੱਤੀ ਸੀ ਪਰ ਸਰਕਾਰ ਵੱਲੋਂ ਉਸ ਤੋਂ ਬਾਅਦ ਛੱਤ ਪਾਉਣ ਲਈ 72000 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਜਾਰੀ ਨਹੀਂ ਕੀਤੀ, ਜਿਸ ਕਾਰਨ ਗ਼ਰੀਬ ਪਰਿਵਾਰਾਂ ਨੂੰ ਜਨਵਰੀ ਮਹੀਨੇ ਵਿੱਚ ਪੈਂਦੇ ਰਹੇ ਮੀਂਹ ਤੇ ਠੰਢ ਦੇ ਦਿਨਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਸਮਾਂ ਗੁਜ਼ਾਰਨਾ ਪਿਆ। ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੇ ਦੱਸਿਆ ਕਿ ਕਮਰੇ ਦੀ ਦੂਜੀ ਕਿਸ਼ਤ ਨਾ ਮਿਲਣ ਕਾਰਨ ਉਨ੍ਹਾਂ ਦਾ ਮਕਾਨ ਅਧਵਾਟੇ ਹੀ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਰਾਤ ਗੁਜ਼ਾਰਨ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਤੋਂ ਮੰਗ ਕੀਤੀ ਕਿ ਮਕਾਨਾਂ ਦੀ ਉਸਾਰੀ ਲਈ ਦੂਜੀ ਕਿਸ਼ਤ ਛੇਤੀ ਤੋਂ ਛੇਤੀ ਜਾਰੀ ਕੀਤੀ ਜਾਵੇ ਤਾਂ ਜੋ ਉਹ ਆਪਣਾ ਘਰ ਬਣਾ ਸਕਣ।
ਕੀ ਕਹਿੰਦੇ ਨੇ ਅਧਿਕਾਰੀ
ਇਸ ਸਬੰਧੀ ਗੱਲ ਕਰਨ ’ਤੇ ਏਡੀਸੀ (ਵਿਕਾਸ) ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਇੱਥੇ ਕਾਰਜਭਾਰ ਸੰਭਾਲਿਆ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਹੈ।