ਪ੍ਰਕਾਸ਼ ਪੁਰਬ: ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਪਣਾਉਣ ਦੀ ਅਪੀਲ ਕੀਤੀ

ਪ੍ਰਕਾਸ਼ ਪੁਰਬ: ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਜਗਜੀਤ ਸਿੱਧੂ

ਤਲਵੰਡੀ ਸਾਬੋ, 29 ਨਵੰਬਰ

ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅੱਜ ਸਵੇਰੇ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਦਮਦਮਾ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਅੱਗੇ ਗੱਤਕਾ ਪਾਰਟੀਆਂ ਨੇ ਖਾਲਸਾਈ ਖੇਡ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੇ ਰਸਤੇ ਵਿੱਚ ਸ਼ਰਧਾਵਾਨਾਂ ਵੱਲੋਂ ਥਾਂ ਥਾਂ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ ਅਤੇ ਸਵਾਗਤੀ ਗੇਟ ਉਸਾਰੇ ਗਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਉਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਕੀਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸਿੱਖ ਕੌਮ ਗੁਰਪੁਰਬ ਵਾਲੇ ਦਿਨ ਅਰਦਾਸ ਕਰਨ ਲਈ ਵੀ ਕਿਹਾ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚੋਂ ਦੀ ਗੁਜ਼ਰਦਾ ਹੋਇਆ ਵਾਪਸ ਤਖ਼ਤ ਸਾਹਿਬ ਵਿਖੇ ਆ ਕੇ ਸਮਾਪਤੀ ਅਰਦਾਸ ਨਾਲ ਸਮਾਪਤ ਹੋਇਆ।     ਨਗਰ ਕੀਰਤਨ ਵਿੱਚ ਭਾਈ ਪਰਮਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ, ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ, ਬਸਪਾ ਆਗੂ ਮਾਸਟਰ ਜਗਦੀਪ ਸਿੰਘ ਗੋਗੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਬੂ ਸਿੰਘ ਮਾਨ, ਕੌਂਸਲਰ ਹਰਬੰਸ ਸਿੰਘ, ਰਣਜੀਤ ਸਿੰਘ ਮਲਕਾਣਾ, ਭਾਈ ਨਿਰਮਲ ਸਿੰਘ, ਕੁਲਵਿੰਦਰ ਸਿੰਘ ਬੰਗੀ, ਭੁਪਿੰਦਰ ਸਿੰਘ ਲਹਿਰੀ ਆਦਿ ਸ਼ਖ਼ਸੀਅਤਾਂ ਤੋਂ ਇਲਾਵਾ ਸੰਗਤ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ਼ਹਿਰ

View All