ਪੱਤਰ ਪ੍ਰੇਰਕ
ਮਾਨਸਾ, 3 ਨਵੰਬਰ
ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਦੇਸ਼ ਵਿੱਚ ਆਰਐੱਸਐੱਸ ਦੇ ਵਧ ਦਬਾਅ ਕਾਰਨ ਦਲਿਤ ਮਜ਼ਦੂਰਾਂ ’ਤੇ ਹੋ ਰਹੇ ਸਮਾਜਿਕ ਅੱਤਿਆਚਾਰ ਸਦਕਾ ਮੁਲਕ ਦੀ ਏਕਤਾ ਅਤੇ ਅਖੰਡਤਾ ਖ਼ਤਰੇ ਵੱਲ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਲਿਤ ਵਿਰੋਧੀ ਏਜੰਡੇ ਨੂੰ ਲਾਗੂ ਕਰਨ ਲਈ ਸੰਵਿਧਾਨਕ ਪ੍ਰੰਪਰਾਵਾਂ ਦੀਆਂ ਧੱਜੀਆਂ ਉਡਾਉਣ ਲੱਗੀ ਹੈ, ਜਿਸ ਤੋਂ ਬਚਾਅ ਲਈ ਕੌਮੀ ਦਲਿਤ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਸ਼ਟਰੀ ਪੱਧਰ ’ਤੇ 5 ਨਵੰਬਰ ਨੂੰ ਦਿੱਲੀ ਵਿੱਚ ਵਿਸ਼ਾਲ ਕਨਵੈਨਸ਼ਨ ਕਰ ਕੇ ਦਲਿਤ ਮਜ਼ਦੂਰਾਂ ਨੂੰ ਲਾਮਬੰਦ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਹ ਅੱਜ ਇਥੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਅਜ਼ਾਦ ਹੋਇਆਂ ਨੂੰ 75 ਸਾਲ ਬੀਤ ਗਏ ਹਨ, ਪ੍ਰੰਤੂ ਅੱਜ ਵੀ ਸੰਵਿਧਾਨ ਲਾਗੂ ਹੋਣ ਦੇ ਬਾਵਜੂਦ ਖੇਤ ਮਜ਼ਦੂਰ,ਦਲਿਤਾਂ ਅਤੇ ਔਰਤਾਂ ਤੇ ਸਮਾਜਿਕ ਜ਼ਬਰ ਦੀਆਂ ਘਟਨਾਵਾਂ ਵਧ ਰਹੀਆਂ ਹਨ।
ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਨੇ ਕਿਹਾ ਕਿ ਮਨੁੱਖੀ ਮੌਲਿਕ ਅਧਿਕਾਰਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਨਵੈਨਸ਼ਨ ਦੌਰਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲਾਮਬੰਦੀ ਸਾਂਝੇ ਤੌਰ ’ਤੇ ਕਰਨ ਲਈ ਜ਼ੋਰ ਦਿੱਤਾ ਜਾਵੇਗਾ।