ਪੱਤਰ ਪ੍ਰੇਰਕ
ਭੁੱਚੋ ਮੰਡੀ, 1 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਚੱਕ ਫ਼ਤਹਿ ਸਿੰਘ ਵਾਲਾ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੌਕੇ ਸੂਬਾਈ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਲਖੀਮਪੁਰ (ਯੂਪੀ) ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਬਠਿੰਡਾ ਵੱਲੋਂ 3 ਅਕਤੂਬਰ ਨੂੰ ਬਠਿੰਡਾ ਸ਼ਹਿਰ ਵਿੱਚ ਮੁਜ਼ਾਹਰਾ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਜਾਵੇਗੀ। ਇਸੇ ਦਿਨ ਪ੍ਰਦੂਸ਼ਣ ਫੈਲਾ ਰਹੀ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨ ਬਠਿੰਡਾ ਵਿਚ ਪਹੁੰਚਣਗੇ। ਇਸ ਮੌਕੇ ਸੂਬਾ ਕਮੇਟੀ ਦੇ ਸੱਦੇ ’ਤੇ 9 ਅਕਤੂਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੰਗਰੂਰ ਵਿੱਚ ਲਾਏ ਜਾ ਰਹੇ ਮੋਰਚੇ ਦੀ ਤਿਆਰੀ ਸਬੰਧੀ ਵਿਉਂਤਬੰਦੀ ਕੀਤੀ ਗਈ। ਔਰਤ ਜਥੇਬੰਦੀ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਮੋਰਚੇ ’ਚ ਔਰਤਾਂ ਦੀ ਵੱਡੀ ਸ਼ਮੂਲੀਅਤ ਲਈ ਔਰਤਾਂ ਦੀ ਟੀਮ ਵੱਲੋਂ ਪਿੰਡਾਂ ਵਿੱਚ ਤਿਆਰੀ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫਪਸੰਦ ਲੋਕਾਂ ਨੂੰ ਇਸ ਪੱਕੇ ਮੋਰਚੇ ਦੀ ਤਿਆਰੀ ਅੱਜ ਤੋਂ ਹੀ ਸ਼ੁਰੂ ਕਰਨ ਦਾ ਸੱਦਾ ਦਿੱਤਾ।