ਖੇਤਰੀ ਪ੍ਰਤੀਨਿਧ
ਬਰਨਾਲਾ, 9 ਜੂਨ
ਲੌਕਡਾਊਨ ਉਪਰੰਤ ਅਨਲੌਕ ਦੇ ਪੜਾਅ ਦੌਰਾਨ ਪ੍ਰਸ਼ਾਸਨ ਹੁਣ ਵਿਕਾਸ ਕਾਰਜਾਂ ਵੱਲ ਧਿਆਨ ਦੇਣ ਲੱਗਾ ਹੈ। ਇਸ ਮੰਤਵ ਹਿੱਤ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਫੂਲਕਾ ਨੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਅਤੇ ਬਾਕਾਇਆ ਕੇਸਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਕਰਨ ਅਤੇ ਸਰਕਲ ਰੈਵੇਨਿਊ ਅਫ਼ਸਰਾਂ ਨੂੰ ਰਿਕਵਰੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਅਗਾਊਂ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿੱਚ ਪੁਲੀਆਂ ਅਤੇ ਸੜਕਾਂ ਦੀ ਮੁਰੰਮਤ ਅਤੇ ਡਰੇਨੇਜ਼ ਵਿਭਾਗ ਵੱਲੋਂ ਨਹਿਰਾਂ, ਖਾਲ਼ਿਆਂ ਦੀ ਸਾਫ-ਸਫਾਈ ਪੁਖਤਾ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਫਲੱਡ ਕੰਟਰੋਲ ਰੂਮ 15 ਜੂਨ ਤੋਂ ਚਾਲੂ ਕਰ ਦਿੱਤਾ ਜਾਵੇਗਾ ਤਾਂ ਜੋ ਮੌਨਸੂਨ ਸੀਜ਼ਨ ‘ਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ।