ਪੱਤਰ ਪ੍ਰੇਰਕ
ਮਾਨਸਾ, 31 ਜੁਲਾਈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਉਪਕਾਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ ਅਤੇ ਧਰਨਾ ਦੇਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਿਹਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਇਹ ਹੁਕਮ ਪਹਿਲੀ ਅਗਸਤ ਤੋਂ 30 ਸਤੰਬਰ 2022 ਤੱਕ ਲਾਗੂ ਰਹਿਣਗੇ।