ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 11 ਫਰਵਰੀ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਪਿੰਡ ਕੋਠਾ ਗੁਰੂ ਅਤੇ ਮਲੂਕਾ ਵਿੱਚ ਆਪਣੀਆਂ ਚੋਣ ਮੀਟਿੰਗਾਂ ਕਰਦਿਆਂ ਵੋਟਾਂ ਪਾਉਣ ਦੀ ਅਪੀਲ ਕੀਤੀ। ਬਲਕਾਰ ਸਿੱਧੂ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਨੇ ਆਪਣੇ 75 ਸਾਲਾਂ ਦੇ ਰਾਜਭਾਗ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਬੇਰੁਜ਼ਗਾਰੀ ਤੇ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ ਅਤੇ ਜੇਕਰ ਬੇਰੁਜ਼ਗਾਰਾਂ ਨੇ ਰੁਜ਼ਗਾਰ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਕੁੱਟ ਕੇ ਜੇਲ੍ਹਾਂ ਵਿੱਚ ਬੰਦ ਕੀਤਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਸਤਾਏ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਲੋਕ ਇਸ ਵਾਰ ਬਦਲਾਅ ਲਈ ਤੱਤਪਰ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਬਣਨ ਤੇ ਪੰਜਾਬ ‘ਚ ਰੁਜ਼ਗਾਰ, ਸਿਹਤ, ਸਿੱਖਿਆ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਇੰਦਰਜੀਤ ਮਾਨ, ਪਰਮਜੀਤ ਬਰਾੜ, ਨਛੱਤਰ ਸਿੰਘ ਸਿੱਧੂ, ਬੂਟਾ ਸਿੰਘ ਜਲਾਲ, ਵਿਜੇ ਪੱਪੂ, ਬਹਾਦਰ ਬਰਾੜ ਆਦਿ ਹਾਜ਼ਰ ਸਨ।