ਮੰਡੀਆਂ ’ਚ ਢੁਕਵੇਂ ਖ਼ਰੀਦ ਪ੍ਰਬੰਧ ਕੀਤੇ ਜਾਣ: ਬਲਜੀਤ ਕੌਰ
ਕੈਬਨਿਟ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਪਿੰਡਾਂ ਦੇ ਸਰਪੰਚ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ। ਉਨ੍ਹਾਂ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਉਪ ਮੰਡਲ ਮੈਜਿਸਟ੍ਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਦੌਰਾਨ ਸਰਪੰਚਾਂ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕੰਮਾਂ ਬਾਰੇ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਪਿੰਡਾਂ ਵਿੱਚ ਹੋਣ ਵਾਲੇ ਕੰਮ ਜਿਵੇਂ ਕਿ ਛੱਪੜਾਂ ਦੀ ਸਫਾਈ, ਪੀਣ ਯੋਗ ਸਾਫ ਪਾਣੀ ਦੀਆਂ ਪਾਈਪਾਂ, ਆਰ ਓ ਫਿਲਟਰ ਲਾਉਣਾ, ਸਟਰੀਟ ਲਾਈਟਾਂ ਲਾਉਣਾ, ਆਂਗਣਵਾੜੀ ਸੈਂਟਰਾਂ ਨੂੰ ਬਣਾਉਣਾ, ਇੰਟਰਲਾਕ ਟਾਈਲਾਂ ਲਗਾਉਣੀਆਂ, ਗਲੀਆਂ ਨੂੰ ਪੱਕਾ ਕਰਨਾ, ਗਲੀਆਂ-ਨਾਲੀਆਂ ਦੀ ਸਫਾਈ, ਖਾਲ ਪੱਕੇ ਕਰਨਾ, ਗਰਾਊਂਡ ਬਣਾਉਣੇ, ਬੱਸ ਸਟੈਂਡ ਬਣਾਉਣੇ ਆਦਿ ਕੰਮਾਂ ਬਾਰੇ ਵਿਚਾਰ ਚਰਚਾ ਅਤੇ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧੀ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਸਬੰਧੀ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਫੰਡ ਉਨ੍ਹਾਂ ਨੂੰ ਮੁਹੱਈਆ ਕਰਵਾਏ ਗਏ ਹਨ, ਉਨ੍ਹਾਂ ਦੀ ਡਿਟੇਲ ਭੇਜੀ ਜਾਵੇ। ਉਨ੍ਹਾਂ ਬੀ ਡੀ ਪੀ ਓਜ਼ ਨੂੰ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਕੰਮ ਹੋਣ ਵਾਲੇ ਹਨ, ਉਨ੍ਹਾਂ ਦੀਆ ਪੰਚਾਇਤਾਂ ਦੇ ਮਤੇ ਪਾਸ ਕਰਵਾ ਕੇ ਕੰਮਾਂ ਨੂੰ ਪੂਰਾ ਕੀਤਾ ਜਾਵੇ ਅਤੇ ਅਗਲੇ ਦਸ ਦਿਨਾਂ ਵਿੱਚ ਸਮੂਹ ਬੀ ਡੀ ਪੀ ਓਜ਼ ਟੀਮਾਂ ਨੂੰ ਨਾਲ ਲੈ ਕੇ ਸਬੰਧਤ ਪਿੰਡਾਂ ਦਾ ਦੌਰਾ ਕਰਨਗੇ।

