ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਨਵੰਬਰ
ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਾਪਰਟੀ ਡੀਲਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇਣ ਮਗਰੋਂ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਪਰਿਸ਼ਦ ਦੇ ਦਫ਼ਤਰ ਅੱਗੇ ਨਗਰ ਪਰਿਸ਼ਦ ਦੇ ਈਓ ਦਾ ਪੁਤਲਾ ਫੂਕਿਆ ਤੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਰਨਾਕਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖਾ ਅੰਦੋਲਨ ਕਰਨ ਦੀ ਧਮਕੀ ਵੀ ਦਿੱਤੀ।
ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਿਨਾਂ ਕਾਰਨ ਰਜਿਸਟਰੀਆਂ ’ਤੇ ਰੋਕ ਲਾਈ ਹੋਈ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਪਰਿਸ਼ਦ ਵੱਲੋਂ ਸ਼ਹਿਰੀ ਜ਼ਮੀਨ ਦਾ ਇਕ ਨਿੱਜੀ ਕੰਪਨੀ ਵੱਲੋਂ ਸਰਵੇ ਕਰਵਾਇਆ ਗਿਆ ਸੀ, ਜਿਸ ਵਿੱਚ ਕੰਪਨੀ ਵੱਲੋਂ ਕਈ ਖਾਮੀਆਂ ਛੱਡੀਆਂ ਗਈਆਂ ਹਨ, ਜਿਸ ਕਾਰਨ ਹੁਣ ਲੋਕਾਂ ਦੀਆਂ ਰਜਿਸਟਰੀਆਂ ਨਹੀਂ ਹੋ ਰਹੀਆਂ ਹਨ। ਇਸ ਮੌਕੇ ’ਤੇ ਐਸੋਸੀਏਸ਼ਨ ਦੇ ਸੀਨੀਅਰ ਆਗੂ ਰਾਮੂ ਹਿਸਾਰੀਆ, ਮਾਸਟਰ ਰਾਜੇਂਦਰ, ਮਨੋਜ ਸ਼ਰਮਾ, ਪ੍ਰਦੀਪ ਸਚਦੇਵਾ ਆਦਿ ਨੇ ਆਪਣੇ ਵਿਚਾਰ ਪ੍ਰਗਟ ਕੀਤੇ।