ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ
ਪ੍ਰਾਪਰਟੀ ਦੇ ਕੰਮ ਵਿੱਚ ਐਨਓਸੀ ਅਤੇ ਟੈਕਸ ਭਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿੱਚ ਪ੍ਰਾਪਰਟੀ ਡੀਲਰ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ, ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਬਠਿੰਡਾ, ਮਲੋਟ, ਕੋਟਕਪੂਰਾ ਦੇ ਪ੍ਰਧਾਨ, ਅਹੁਦੇਦਾਰ ਤੇ ਪਲਾਟ ਹੋਲਡਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ।
ਪ੍ਰਾਪਰਟੀ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਤੇ ਅੱਧਾ ਦਰਜਨ ਦੇ ਕਰੀਬ ਮੰਤਰੀਆਂ ਨੂੰ ਇਸ ਮਸਲੇ ਬਾਬਤ ਮਿਲ ਚੁੱਕੇ ਹਨ, ਪਰ ਸਭ ਨੇ ਉਨ੍ਹਾਂ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਦੇ ਧੰਦੇ ਨਾਲ ਪੰਜਾਬ ਦੇ ਲੱਖਾਂ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਇਸ ਲਈ ਪ੍ਰਾਪਰਟੀ ਦੇ ਕੰਮ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਜਾਵੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਉਨ੍ਹਾਂ ਨਾਲ ਸਹਿਮਤ ਹਨ ਤੇ ਉਨ੍ਹਾਂ ਦੇ ਸੰਘਰਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਾ ਸਾਥ ਦਿੱਤਾ ਜਾਵੇਗਾ।