ਨਹਿਰੂ ਕਾਲਜ ’ਚ ਐੱਸਸੀ ਵਿਦਿਆਰਥੀਆਂ ਤੋਂ ਫੀਸ ਵਸੂਲਣ ਖ਼ਿਲਾਫ਼ ਧਰਨਾ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਅੱਜ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਧਰਨਾ ਦੇ ਕੇ ਕਾਲਜ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਹ ਧਰਨਾ ਐਸਸੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਣ ਖ਼ਿਲਾਫ਼ ਦਿੱਤਾ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਾਲਜ ਪ੍ਰਸ਼ਾਸਨ ਵੱਲੋਂ ਇਸ ਸਾਲ ਵੀ ਐਸਸੀ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸਸੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ, ਪਰ ਕਾਲਜ ਪ੍ਰਸ਼ਾਸਨ ਵੱਲੋਂ ਹਰ ਵਾਰ ਦਾਖ਼ਲੇ ਸਮੇਂ ਵਿਦਿਆਰਥੀਆਂ ਨੂੰ ਖੱਜਲ-ਖੁਆਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਅਤੇ ਵਿਦਿਆਰਥੀ ਆਗੂਆਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਿੰਸੀਪਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਜਥੇਬੰਦੀ ਦੇ ਸੂਬਾ ਸਕੱਤਰ ਸੋਨੂ ਝੱਬਰ ਨੇ ਕਿਹਾ ਕਿ ਇਹ ਇੱਕ ਸੰਕੇਤਕ ਧਰਨਾ ਦਿੱਤਾ ਗਿਆ ਅਤੇ ਜੇਕਰ ਕਾਲਜ ਪ੍ਰਸ਼ਾਸਨ ਵਿਦਿਆਰਥੀਆਂ ਦੇ ਦਾਖ਼ਲਾ ਬਿਨਾਂ ਪੀਟੀਏ ਫੰਡ ਤੋਂ ਨਹੀਂ ਕਰਵਾਉਦਾ ਤਾਂ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਥੇਬੰਦੀ ਵੱਲੋਂ ਸੰਘਰਸ਼ ਹੋ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਨਰਿੰਦਰ ਸਿੰਘ ਫ਼ਤਿਹਪੁਰ, ਗੁਰਯਾਦ ਸਿੰਘ, ਸੰਨੀ ਮਾਨਸਾ, ਕਿਰਨਦੀਪ ਕੌਰ ਕੋਟਦੂਨਾ ਤੇ ਮਨਦੀਪ ਕੌਰ ਨੇ ਵੀ ਸੰਬੋਧਨ ਕੀਤਾ।