ਜੋਗਿੰਦਰ ਸਿੰਘ ਮਾਨ
ਮਾਨਸਾ, 17 ਅਗਸਤ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀਆਂ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕਾਲਜ ਪ੍ਰਸ਼ਾਸਨ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਦਰਸ਼ਨ ਐੱਸਸੀ ਵਿਦਿਆਰਥੀਆਂ ਤੋਂ ਵਸੂਲੇ ਜਾ ਰਹੇ ਜ਼ਬਰਦਸਤੀ ਪੀਟੀਏ ਫੰਡ ਦੇ ਖ਼ਿਲਾਫ਼ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਲਤ ਪਹਿਲਾਂ ਹੀ ਬੜੀ ਤਰਸਯੋਗ ਹੈ, ਕਿਉਂਕਿ ਲੌਕਡਾਊਨ ਦੌਰਾਨ ਰੁਜ਼ਗਾਰ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ, ਜਿਸ ਕਰਕੇ ਵਿਦਿਆਰਥੀ ਪੀਟੀਏ ਫੰਡ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰੋਨਾ ਦੀ ਆੜ ਵਿੱਚ ਵਿਦਿਆਰਥੀ ਵਿਰੋਧੀ ਨੀਤੀਆਂ ਬਣਾਇਆ ਜਾ ਰਹੀਆਂ ਹਨ, ਜਿਸ ਦੇ ਨਤੀਜੇ ਜੋ ਨਵੀਂ ਸਿੱਖਿਆਂ ਨੀਤੀ ਸਾਡੇ ਸਾਹਮਣੇ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਧੱਕਿਆ ਜਾ ਰਿਹਾ ਹੈ।
ਜਥੇਬੰਦਕ ਆਗੂ ਪ੍ਰਦੀਪ ਗੁਰੂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਐਸ.ਸੀ ਵਿਦਿਆਰਥੀਆਂ ਤੋਂ ਪੀ.ਟੀ.ਏ ਫੰਡ ਵਸੂਲਣ ‘ਤੇ ਰੋਕ ਲਗਾ ਦਿੱਤੀ ਹੈ,ਪਰ ਕਾਲਜ ਪ੍ਰਸ਼ਾਸ਼ਨ ਧੱਕੇ ਨਾਲ ਵਿਦਿਆਰਥੀਆਂ ਨੂੰ ਪੀਟੀਏ ਫੰਡ ਵਸੂਲ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਾਲਜ ਪ੍ਰਸ਼ਾਸ਼ਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ 19 ਅਗਸਤ ਨੂੰ ਕਾਲਜ ਪ੍ਰਸ਼ਾਸ਼ਨ ਦੇ ਖਿਲਾਫ਼ ਧਰਨਾ ਦੇ ਪ੍ਰਿੰਸੀਪਲ ਦਾ ਘਿਰਾਓ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਪੀਟੀਏ ਫੰਡ ਮੁਆਫ਼ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ।