ਇਨਕਲਾਬੀਆਂ, ਮਾਓਵਾਦੀ ਆਗੂਆਂ ਨੂੰ ਪੁਲੀਸ ਮੁਕਾਬਲਿਆਂ ਵਿੱਚ ਮਾਰਨ ਖ਼ਿਲਾਫ਼ ਪ੍ਰਦਰਸ਼ਨ
ਹਿਰਾਸਤ ਵਿਚ ਰੱਖੇ ਮਾਓਵਾਦੀਆਂ, ਆਦਿਵਾਸੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ
ਕਮਿਊਨਿਸਟ ਇਨਕਲਾਬੀਆਂ, ਮਾਓਵਾਦੀ ਆਗੂਆਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਦੇ ਨਾਂ ਹੇਠ ਮਾਰਨ ਦੀ ਨਿਖੇਧੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਫਾਜ਼ਿਲਕਾ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਿਰਾਸਤ 'ਚ ਰੱਖੇ ਮਾਓਵਾਦੀਆਂ, ਆਦਿਵਾਸੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋ ਕੇ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜਨਰਲ ਸਕੱਤਰ ਮਹਿੰਦਰ ਕੌੜੀਆ ਵਾਲੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰ ਸੋਨਾ ਨੇ ਕਿਹਾ ਕਿ ਭਾਜਪਾ-ਸੰਘ ਸਰਕਾਰ ਦੀ ਨਕਸਲੀਆਂ ਨੂੰ ਮਾਰ ਮੁਕਾਉਣ ਦੀ ਨੀਤੀ ਕਾਨੂੰਨ ਦੇ ਰਾਜ ਅਤੇ ਦੁਨੀਆਂ ਦੀ ਵੱਡੀ ਜਮਹੂਰੀਅਤ ਹੋਣ ਦੇ ਦਾਅਵੇ ਦੇ ਝੂਠ ਨੂੰ ਬੇਪਰਦ ਕਰਦੀ ਹੈ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਸੁਰਿੰਦਰ ਗੰਜੂਆਣਾ, ਆਦਿਤਿਆ ਫਾਜ਼ਿਲਕਾ, ਸੁਮੀਤ ਸਿੰਘ, ਕੰਵਲਜੀਤ ਸਿੰਘ, ਪ੍ਰਵੀਨ ਕੌਰ, ਗੁਰਮੇਲ ਸਿੰਘ ਅਤੇ ਹੋਰ ਵੀ ਆਗੂ ਹਾਜ਼ਰ ਸਨ।

