ਖੇਤਰੀ ਪ੍ਰਤੀਨਿਧ
ਬਰਨਾਲਾ, 30 ਸਤੰਬਰ
ਅੱਜ ਇਥੇ ਦਾਣਾ ਮੰਡੀ ਵਿੱਚ ਕਰੀਬ 40 ਜਨਤਕ ਜਮਹੂਰੀ, ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਸਾਹਿਤਕ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੀ ਸਥਾਨਕ ਰਿਹਾਇਸ਼ ਨੇੜੇ ਲੰਘੀ 19 ਸਤੰਬਰ ਨੂੰ ਪ੍ਰਦਰਸ਼ਨ ਕਰਨ ਪੁੱਜੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨਾਂ ਉੱਪਰ ਕੀਤੇ ਪੁਲੀਸ ਲਾਠੀਚਾਰਜ ਦਾ ਵਿਰੋਧ ਕੀਤਾ। ਇਸ ਮੌਕੇ ਮੁਲਾਜ਼ਮ ਡਿਫ਼ੈਂਸ ਕਮੇਟੀ ਸਮੇਤ ਬਰਨਾਲਾ ਦੀਆਂ ਸਮੂਹ ਲੇਖਕ ਸਭਾਵਾਂ, ਕਿਸਾਨ, ਮਜ਼ਦੂਰ, ਮੁਲਾਜ਼ਮ, ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਉਲੀਕੇ ਇਸ ਪ੍ਰਦਰਸ਼ਨ ਵਿਚ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਕਾਰਕੁਨ ਵੀ ਸ਼ਾਮਲ ਹੋਏ। ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਫ਼ਰੰਟ ਦੇ ਕਨਵੀਨਰ ਡਾ. ਸੋਹੇਲ ਨੇ ਕਿਹਾ ਕਿ ਇਸ ਵਿਸ਼ਾਲ ਇਕੱਤਰਤਾ ਵਿਚ ਸਮੁੱਚੇ ਮੁਜ਼ਾਹਰਾਕਾਰੀਆਂ ਅਤੇ ਇਕੱਲੀ ਲੜਕੀ ਉੱਪਰ ਨਿੱਜੀ ਰੰਜਿਸ਼ ਤਹਿਤ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਬਰਨਾਲਾ ਪੁਲੀਸ ਵੱਲੋਂ ਧਰਨਾਕਾਰੀਆਂ ਉੱਪਰ ਕੀਤੇ ਗਏ ਪਰਚੇ ਰੱਦ ਕਰਾਉਣ ਅਤੇ ਇਸ ਘਟਨਾ ਵਿਚ ਸ਼ਾਮਲ ਅਧਿਕਾਰੀਆਂ ਦੀ ਨਿਸ਼ਾਨਦੇਹੀ ਕਰਕ ੇ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਹ ਐਲਾਨ ਵੀ ਕੀਤਾ ਗਿਆ ਹੈ ਜੇ ਅਜਿਹਾ ਘਟਨਾਕ੍ਰਮ ਦੁਬਾਰਾ ਵਾਪਰਦਾ ਹੈ ਤਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਜਨਤਕ ਵਿਰੋਧ ਕੀਤਾ ਜਾਵੇਗਾ। ਕਨਵੀਨਰ ਜਗਮੀਤ ਸਿੰਘ ਨੇ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਕਿ 1 ਅਕਤੂਬਰ ਨੂੰ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ, ਉਚੇਰੀ ਸਿੱਖਿਆ ਸਕੱਤਰ, ਡੀਪੀਆਈ ਤੇ ਐਡਵੋਕੇਟ ਜਨਰਲ ਨਾਲ ਹੋਣ ਜਾ ਰਹੀ ਪੈਨਲ ਮੀਟਿੰਗ ਵਿੱਚੋਂ ਸਾਰਥਕ ਨਤੀਜੇ ਨਾ ਨਿਕਲਣ ਦੀ ਸੂਰਤ ਵਿਚ ਫ਼ਰੰਟ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ।