ਪੱਤਰ ਪ੍ਰੇਰਕ
ਬੋਹਾ, 9 ਜੁਲਾਈ
ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਬ ਡਿਵੀਜ਼ਨ ਬੋਹਾ ਦੇ ਐੱਸਡੀਓ ਰੋਹਿਤ ਸ਼ਰਮਾ ਦਾ ਤਬਾਦਲਾ ਮਾਲੇਰਕੋਟਲਾ ਵੱਲ ਕਰ ਦਿੱਤਾ ਗਿਆ ਹੈ। ਇਸ ਦੇ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਸਬ-ਡਿਵੀਜ਼ਨ ਦਫਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਆਗੂ ਸੁਖਪਾਲ ਸਿੰਘ ਮੰਡੇਰ, ਬਲਾਕ ਇਕਾਈ ਦੇ ਪ੍ਰਧਾਨ ਤਰਸੇਮ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਐਂਪਲਾਈਜ਼ ਫੈਡਰੇਸ਼ਨ ਦੇ ਆਗੂ ਮਹਾ ਸਿੰਘ ਰਾਏਪੁਰੀ, ਬਿਕਰਮਜੀਤ ਸਿੰਘ, ਅਮਰੀਕ ਸਿੰਘ ਧਾਲੀਵਾਲ, ਜਸਪਾਲ ਸਿੰਘ ਤੇ ਗੁਰਜੰਟ ਸਿੰਘ ਆਦਿ ਨੇ ਕਿਹਾ ਕਿ ਭਾਵੇ ਪੰਜਾਬ ਸਰਕਾਰ ਨੇ ਪੈਡੀ ਦੇ ਸੀਜ਼ਨ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਬਦਲੀਆਂ ’ਤੇ ਰੋਕ ਲਾਈ ਹੋਈ ਹੈ ਪਰ ਫਿਰ ਵੀ ਬਿਨਾਂ ਕਿਸੇ ਕਾਰਨ ਤੋਂ ਐੱਸਡੀਓ ਸ਼ਰਮਾ ਦੀ ਬਦਲੀ ਨਾਜਾਇਜ਼ ਤੌਰ ’ਤੇ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਆਮ ਖਪਤਕਾਰਾਂ ਅਤੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਸਬੰਧੀ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਪਾਵਰ ਕਾਰਪੋਰੇਸਨ ਦੀਆਂ ਸਮੂਹ ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਇਹ ਬਦਲੀ ਰੱਦ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਦਲੀ ਰੱਦ ਨਾ ਹੋਣ ਦੀ ਸੂਰਤ ਵਿੱਚ ਪੱਕਾ ਧਰਨਾ ਲਾ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਮੰਗ ਪੱਤਰ ਵੀ ਦਿੱਤਾ ਗਿਆ।