ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਨੇ ਪਿੰਡ ਖੜਕ ਸਿੰਘ ਵਾਲਾ ਵਿੱਚ ਇਕੱਠ ਕਰਕੇ ਸਰਕਾਰ ਤੋਂ ਪਰਾਲੀ ਦਾ ਨਿਬੇੜਾ ਖੁਦ ਕਰਨ ਦੀ ਮੰਗ ਕੀਤੀ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਐੱਨਜੀਟੀ ਦੀ ਰਿਪੋਰਟ ਦੇ ਆਧਾਰ ’ਤੇ ਸੁਪਰੀਮ ਕੋਰਟ ਵੱਲੋਂ ਆਪਣੀਆਂ ਪਿਛਲੀਆਂ ਹਦਾਇਤਾਂ, ਜਿਨ੍ਹਾਂ ਵਿੱਚ ਛੋਟੇ ਕਿਸਾਨਾਂ ਨੂੰ ਮੁਫ਼ਤ ਮਸ਼ੀਨਰੀ, 5 ਏਕੜ ਵਾਲੇ ਕਿਸਾਨ ਨੂੰ 15 ਹਜ਼ਾਰ ਰੁਪਏ ਵਿੱਚ ਹੈਪੀ ਸੀਡਰ ਮੁਹੱਈਆ ਕਰਵਾਉਣ ਅਤੇ ਨਾਲ ਹੀ ਹਾਸ਼ੀਏ ਉੱਪਰ ਧੱਕੇ ਕਿਸਾਨਾਂ ਲਈ ਖੁਦ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸਰਕਾਰ ਵੱਲੋਂ ਅਲਾਟ ਕੀਤੀ ਜਗ੍ਹਾ ਉੱਤੇ ਪਹੁੰਚ ਕਰਨੀ ਆਦਿ ਆਦੇਸ਼ਾਂ ਨੂੰ ਛਿੱਕੇ ਟੰਗਕੇ, ਹੁਣ ਦੇਸ਼ ਦੇ ਅੰਨਦਾਤੇ ਨੂੰ ਗਿ੍ਰਫ਼ਤਾਰੀਆਂ ਦਾ ਆਦੇਸ਼ ਦੇਣਾ ਮੰਦਭਾਗਾ ਹੈ। ਜਥੇਬੰਦੀ ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 200 ਰੁਪਏ ਦੀ ਰਾਸ਼ੀ ਮੁਹੱਈਆ ਕੀਤੀ ਜਾਵੇ ਤਾਂ ਕਿ ਕਿਸਾਨ ਪਰਾਲੀ ਦੇ ਪ੍ਰਬੰਧਨ ਦਾ ਖੁਦ ਬੰਦੋਬਸਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜਿਲੇ ਨਾਲ ਸਬੰਧਤ ਅਧਿਕਾਰੀ ਫੌਰੀ ਮਸ਼ੀਨਾਂ ਭੇਜਕੇ ਪਰਾਲੀ ਦਾ ਪ੍ਰਬੰਧਨ ਕਰਨ ਵਿੱਚ ਜੁੱਟ ਜਾਣ ਤਾਂ ਕਿ ਕਿਸਾਨ ਸਮੇਂ-ਸਿਰ ਕਣਕ ਦੀ ਬਿਜਾਈ ਕਰ ਸਕਣ। ਇਸ ਮੌਕੇ ਜਸਵਿੰਦਰ ਸਿੰਘ, ਸਿੰਦਰ ਸਿੰਘ, ਨਿਰਮਲ ਸਿੰਘ,ਮਲਕੀਤ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ ਅਤੇ ਤੇਜਾ ਸਿੰਘ ਨੇ ਵੀ ਸੰਬੋਧਨ ਕੀਤਾ।