ਕੇਂਦਰ ਤੇ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਦਾ ਵਿਰੋਧ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਗੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿੱਚ ਵੱਡਾ ਧਰਨਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੀ 5ਵੀਂ ਵਰ੍ਹੇਗੰਢ ਨੂੰ ਸਮਰਪਿਤ ਇਸ ਧਰਨੇ ਦਾ ਮਕਸਦ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਨਿਰੰਤਰ ਉਲੰਘਣਾ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਦਮਾਂ ਦਾ ਵਿਰੋਧ ਕਰਨਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਕੇਂਦਰ ਨੇ ਕਿਸਾਨਾਂ ’ਤੇ ਪਾਏ ਕੇਸ ਤੁਰੰਤ ਵਾਪਸ ਲੈਣ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲ ਬੀਤ ਜਾਣ ਬਾਵਜੂਦ ਕੇਸ ਅਜੇ ਵੀ ਚੱਲ ਰਹੇ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ 26 ਨਵੰਬਰ ਦਾ ਚੰਡੀਗੜ੍ਹ ਧਰਨਾ ਸਰਕਾਰਾਂ ਨੂੰ ਵਾਅਦੇ ਪੂਰੇ ਕਰਵਾਉਣ ਅਤੇ ਕਿਸਾਨਾਂ ’ਤੇ ਹੋ ਰਹੇ ਜ਼ੁਲਮਾਂ ਦਾ ਜਵਾਬ ਹੋਵੇਗਾ।
