ਫ਼ੀਸਾਂ ’ਚ ਵਾਧੇ ਖ਼ਿਲਾਫ਼ ਬ੍ਰਿਜਿੰਦਰਾ ਕਾਲਜ ’ਚ ਮੁਜ਼ਾਹਰਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਹਰਵੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਹਰ ਵਿਦਿਆਰਥੀ ਨੂੰ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਪਰ ਸਰਕਾਰ ਲਗਾਤਾਰ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਵਿਦਿਆਰਥੀਆਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ ਲਈ ਲਗਾਤਾਰ ਵਿਦਿਆਰਥੀ ਵਿਰੋਧੀ ਨੀਤੀਆਂ ਲੈ ਕੇ ਆ ਰਹੀ ਹੈ ਅਤੇ ਸਰਕਾਰਾਂ ਲਗਾਤਾਰ ਸਿੱਖਿਆ ਨੂੰ ਨਿੱਜੀਕਰਨ ਵੱਲ ਧੱਕ ਰਹੀਆਂ ਹਨ। ਇਸੇ ਮਕਸਦ ਲਈ ਫੀਸਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਜੋ ਵਾਧਾ ਕੀਤਾ ਗਿਆ ਹੈ, ਉਹ ਬੇਹੱਦ ਨਿੰਦਣ ਯੋਗ ਹੈ। ਯੂਨੀਅਨ ਦੇ ਜ਼ਿਲ੍ਹਾ ਆਗੂ ਜਲੰਧਰ ਸੰਧਵਾਂ ਅਤੇ ਅਰਸ਼ਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨਾਲ ਜੁੜੇ ਕਾਲਜਾਂ ਦੇ ਵਿਦਿਆਰਥੀ ਜਿਹੜੇ ਹੁਣ ਦੂਜੇ ਸਾਲ ਵਿੱਚ ਦਾਖਲਾ ਲੈ ਰਹੇ ਹਨ। ਉਨ੍ਹਾਂ ਨੂੰ ਨਵੀ ਸਿੱਖਿਆ ਨੀਤੀ ਤਹਿਤ ਦੁਬਾਰਾ ਤੋਂ ਰਜਿਸਟ੍ਰੇਸ਼ਨ ਕਰਵਾਉਣ ਦੇ ਨਾਲ ਵਾਧੂ ਫੀਸਾਂ ਭਰਨ ਲਈ ਵੀ ਕਿਹਾ ਜਾ ਰਿਹਾ ਹੈ ਜਿਸ ਕਰਕੇ ਵਿਦਿਆਰਥੀ ਖੁਆਰ ਹੋ ਰਹੇ ਹਨ। ਯੂਨੀਅਨ ਨੇ ਆਗੂਆਂ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਪ੍ਰਿੰਸੀਪਲ ਰਾਹੀਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਮੰਗ ਪੱਤਰ ਭੇਜਿਆ ਅਤੇ ਮੰਗ ਕੀਤੀ ਕਿ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਵਿਦਿਆਰਥੀਆਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ।