ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁਜ਼ਾਹਰਾ
ਕੋਟਕਪੂਰਾ ਤਹਿਸੀਲ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਥੋਂ ਦੇ ਲਾਲਾ ਲਾਜਪਤ ਰਾਏ ਮਿਉਂਸਿਪਲ ਪਾਰਕ ਵਿੱਚ ਇਕੱਠੇ ਹੋ ਕੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਨੂੰ ਲੈ ਕੇ ਰੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਗਏ। ਆਗੂਆਂ ਨੇ ਕਿਹਾ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਮੀਟਿੰਗ ਮੁਲਤਵੀ ਕਰ ਦਿੰਦੀ ਹੈ। ਪੁਤਲੇ ਫੂਕਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਸੁਭਾਸ਼ ਚੰਦਰ ਸ਼ਰਮਾ, ਕੁਲਵਿੰਦਰ ਸਿੰਘ ਮੌੜ, ਬਲਕਾਰ ਸਿੰਘ ਸਹੋਤ ਅਤੇ ਗੁਰਦੀਪ ਭੋਲਾ ਨੇ ਕਿਹਾ ਕਿ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਤੋਂ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ਪ੍ਰਤੀ ਅਪਣਾਈ ਗਈ ਨਾਹ ਪੱਖੀ ਪਹੁੰਚ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਲਮਕੇ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਇੱਕਮੁਸ਼ਤ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਚਾਰ ਕਿਸ਼ਤਾਂ ਅਤੇ ਬਕਾਇਆ ਦਿੱਤਾ ਜਾਵੇ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਦਰਸ਼ਨ ਸਿੰਘ, ਖਰੈਤੀ ਲਾਲ, ਨਛੱਤਰ ਸਿੰਘ ਮੱਤਾ ਅਤੇ ਮਦਨ ਲਾਲ ਸ਼ਰਮਾ ਸੰਧਵਾਂ ਵੀ ਮੌਜੂਦ ਸਨ।