ਪੱਤਰ ਪ੍ਰੇਰਕ
ਮਾਨਸਾ, 9 ਅਗਸਤ
ਈਟੀਟੀ ਅਧਿਆਪਕ ਯੂਨੀਅਨ ਵੱਲੋਂ ਅੱਜ ਇਥੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਦੇਕੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੁੰਦੇ ਤਾਂ ਉਹ ਸਿੱਖਿਆ ਅਧਿਕਾਰੀਆਂ ਦਾ ਘਿਰਾਓ ਕਰਕੇ ਨਵੇਂ ਸਿਰੇ ਤੋਂ ਸੰਘਰਸ਼ ਵਿੱਢਣਗੇ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਿਵੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਬਾਅਦ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਅਨਾਮਲੀ ਬਣੀ ਹੋਈ ਹੈ, ਜੋ ਦੂਰ ਕਰਨ ਲਈ ਅਧਿਕਾਰੀ ਟਾਲ ਮਟੋਲ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਕਈ ਬਲਾਕਾਂ ਵਿੱਚ ਇਹ ਲਾਗੂ ਹੋ ਚੁੱਕੀ ਹੈ, ਇੱਥੋ ਤੱਕ ਕਿ ਅਨਾਮਲੀ ਦੇ ਬਕਾਏ ਵੀ ਮਿਲ ਚੁੱਕੇ ਹਨ।
ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਨੇਸ਼ ਰਿਸ਼ੀ ਨੇ ਕਿਹਾ ਕਿ ਮਾਨਸਾ ਵਿੱਚ ਹਾਲੇ ਤੱਕ ਪੇਅ ਕਮਿਸ਼ਨ ਦੀ ਰਿਪੋਰਟ ਦੇ ਬਕਾਏ ਵੀ ਨਹੀਂ ਦਿੱਤੇ ਜਾ ਰਹੇ ਅਤੇ ਅਧਿਆਪਕਾਂ ਦੀਆਂ ਤਨਖਾਹ ਵਿੱਚੋਂ ਕੱਟਿਆਂ ਜਨਵਰੀ ਤੇ ਫਰਵਰੀ ਦਾ ਸੀਪੀਐੱਫ ਪਰਾਨ ਖਾਤਿਆਂ ਵਿੱਚੋਂ ਗਾਇਬ ਹੈ।
ਮਜ਼ਦੂਰਾਂ ਦਾ ਪੱਕਾ ਮੋਰਚਾ ਜਾਰੀ: ਮਜ਼ਦੂਰਾਂ ਵੱਲੋਂ ਅੱਜ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਚੱਲ ਰਹੇ ਪੱਕੇ ਮੋਰਚੇ ਦੌਰਾਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਰਹੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਨਾ ਕੋਈ ਗੱਲਬਾਤ ਕੀਤੀ ਗਈ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਕਾਰਵਾਈ ਆਰੰਭੀ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪਿਛਲੇ ਸਾਲ ਮਰੇ ਨਰਮੇ ਦਾ ਮੁਆਵਜ਼ਾ ਪਾਸ ਹੋਇਆ ਮਜ਼ਦੂਰਾਂ ਦੇ ਖਾਤੇ ਵਿੱਚ ਪਵਾਉਣ, ਕੱਟੇ ਗਏ ਕਣਕ ਦੇ ਕਾਰਡ ਅਤੇ ਰੁਕੀ ਹੋਈ ਕਣਕ ਜਾਰੀ ਕਰਵਾਉਣ ਲਈ,ਮਨਰੇਗਾ ਕਾਨੂੰਨ ਦੇ ਤਹਿਤ ਪੂਰਾ ਕੰਮ ਅਤੇ ਪੂਰਾ ਦਿਹਾੜੀ ਲੈਣ ਲਈ ਮੋਰਚਾ ਜਾਰੀ ਰਹੇਗਾ।